ਸੀਐੱਮ ਦੀ ਮੋਗਾ ਰੈਲੀ ’ਚ ਕਿਸਾਨ ਅੱਜ ਪੁੱਛਣਗੇ ਸਵਾਲ
21 ਨੂੰ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਅੰਦੋਲਨਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਵੱਡੇ ਇਕੱਠ
Publish Date: Sun, 15 Feb 2026 07:33 PM (IST)
Updated Date: Sun, 15 Feb 2026 07:36 PM (IST)

21 ਨੂੰ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਅੰਦੋਲਨਾਂ ਦੇ ਸ਼ਹੀਦਾਂ ਦੀ ਯਾਦ ’ਚ ਹੋਵੇਗਾ ਵੱਡਾ ਇਕੱਠ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਚੱਬਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਉਣ ਵਾਲੇ ਸੰਘਰਸ਼ਕਾਰੀ ਪ੍ਰੋਗਰਾਮਾਂ ਤੇ ਮੌਜੂਦਾ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨੋਟ ਜਾਰੀ ਕਰਦਿਆਂ ਆਗੂਆਂ ਨੇ ਜਾਣਕਾਰੀ ਦਿੱਤੀ ਕਿ 16 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੋਗਾ ਰੈਲੀ ਦੌਰਾਨ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਵਾਲਾਂ ਤੋਂ ਬਚਣ ਲਈ ਪੁਲਸੀਆ ਜ਼ਬਰ ਦਾ ਸਹਾਰਾ ਲਿਆ ਜਾ ਰਿਹਾ ਹੈ, ਪਰ ਕਿਸਾਨ ਆਪਣੇ ਲੋਕਤੰਤਰੀ ਅਧਿਕਾਰ ਅਧੀਨ ਮੁੱਖ ਮੰਤਰੀ ਕੋਲੋਂ ਜਵਾਬ ਲੈਣ ਲਈ ਡਟੇ ਰਹਿਣਗੇ। ਆਗੂਆਂ ਨੇ ਕਿਹਾ ਕਿ ਫੋਰਮ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਫੈਸਲਾ ਨਹੀਂ ਕੀਤਾ ਗਿਆ, ਸਗੋਂ ਸਿਰਫ਼ ਲੋਕਾਂ ਦੇ ਮਸਲਿਆਂ ਸਬੰਧੀ ਸਵਾਲ ਪੁੱਛੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਰੈਲੀ ਵਿਚ ਆਉਣ ਸਮੇਂ ਸਵਾਲਾਂ ਦੇ ਜਵਾਬ ਤਿਆਰ ਕਰਕੇ ਆਉਣ ਤੇ ਦੱਸਣ ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸ਼ੰਭੂ ਤੇ ਖਨੌਰੀ ਮੋਰਚਿਆਂ ਸਬੰਧੀ ਪੰਜਾਬ ਸਰਕਾਰ ਦਾ ਕੀ ਸਟੈਂਡ ਹੈ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਮਨਰੇਗਾ ਦੀ ਥਾਂ ਲਿਆਂਦੇ ਗਏ ਵੀਬੀਜੀ ਗ੍ਰਾਮ ਕਨੂੰਨ, ਬੀਜ ਬਿੱਲ ਤੇ ਹੋਰ ਅਹਿਮ ਮਸਲਿਆਂ ’ਤੇ ਸਰਕਾਰ ਦੀ ਪਾਲਿਸੀ ਸਪੱਸ਼ਟ ਕੀਤੀ ਜਾਵੇ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ 21 ਫਰਵਰੀ ਨੂੰ ਕਿਸਾਨ ਅੰਦੋਲਨ-2 ਦੌਰਾਨ ਹਰਿਆਣਾ ਸਰਕਾਰ ਦੀ ਗੋਲੀ ਨਾਲ ਸ਼ਹੀਦ ਹੋਏ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਕਿਸਾਨ-ਮਜ਼ਦੂਰ ਅੰਦੋਲਨਾਂ ਦੇ ਸਾਰੇ ਸ਼ਹੀਦਾਂ ਦੀ ਯਾਦ ਵਿਚ ਜ਼ਿਲ੍ਹਾ ਪੱਧਰ ’ਤੇ ਵੱਡੇ ਇਕੱਠ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਤੇ ਫ੍ਰੀ ਟ੍ਰੇਡ ਸਮਝੌਤਿਆਂ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਆਗੂਆਂ ਨੇ ਦੱਸਿਆ ਕਿ 27 ਫਰਵਰੀ ਨੂੰ ਮੀਡੀਆ ਦੀ ਆਵਾਜ਼ਬੰਦੀ ਦੇ ਖ਼ਿਲਾਫ਼ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਵੱਲੋਂ ਲਗਾਏ ਜਾਣ ਵਾਲੇ ਧਰਨੇ ਵਿਚ ਜਥੇਬੰਦੀ ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ ਤੇ ਪੱਤਰਕਾਰਾਂ ’ਤੇ ਦਰਜ ਪਰਚਿਆਂ ਨੂੰ ਰੱਦ ਕਰਵਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਪਰਮਜੀਤ ਸਿੰਘ ਭੁੱਲਾ, ਸਵਿੰਦਰ ਸਿੰਘ ਚੁਤਾਲਾ, ਸ਼ੇਰ ਸਿੰਘ ਮਹੀਂਵਾਲ, ਸਰਵਣ ਸਿੰਘ ਬਾਊਪੁਰ, ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਮਾਣੋਚਾਹਲ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਇੰਦਰਜੀਤ ਸਿੰਘ ਕੱਲੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ।