ਸੜਕ ਹਾਦਸੇ ਦੌਰਾਨ ਪਿਤਾ-ਪੁੱਤਰ ਦੀ ਮੌਤ ਦਰਦਨਾਕ ਸੜਕ ਹਾਦਸੇ ਦੌਰਾਨ ਪਿਤਾ ਪੁੱਤਰ ਦੀ ਮੌਤ!
Publish Date: Sun, 25 Oct 2026 07:33 PM (IST)
Updated Date: Sun, 25 Oct 2026 07:34 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਪਿੰਡ ਦੁਰਗਾਪੁਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਕੇ ਰੱਖ ਦਿੱਤੀਆਂ। ਮੋਟਰਸਾਈਕਲ ਤੇ ਕੰਬਾਈਨ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਪਹਿਲਾਂ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ, ਜਦਕਿ ਗੰਭੀਰ ਜ਼ਖ਼ਮੀ ਹੋਏ ਉਸ ਦੇ ਪਿਤਾ ਨੇ ਵੀ ਦੇਰ ਰਾਤ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦਰਦਨਾਕ ਘਟਨਾ ਵਿੱਚ ਪਿਓ-ਪੁੱਤ ਦੋਵਾਂ ਦੀ ਮੌਤ ਹੋਣ ਕਾਰਨ ਪਿੰਡ ਦੁਰਗਾਪੁਰ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਸਿੰਘ (25) ਤੇ ਉਸ ਦੇ ਪਿਤਾ ਬਲਵਿੰਦਰ ਸਿੰਘ, ਵਾਸੀ ਪਿੰਡ ਦੁਰਗਾਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਓ-ਪੁੱਤ ਦੋਵੇਂ ਪਿੰਡ ਭਾਣੋ ਲੰਗਾ ਦੇ ਅੱਡੇ ’ਤੇ ਹੇਅਰ ਸਲੂਨ ਦੀ ਦੁਕਾਨ ਕਰਦੇ ਸਨ। ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਨ ਤੋਂ ਬਾਅਦ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਦੁਰਗਾਪੁਰ ਵਾਪਸ ਪਰਤ ਰਹੇ ਸਨ। ਜਾਣਕਾਰੀ ਮੁਤਾਬਕ, ਪਿੰਡ ਦੁਰਗਾਪੁਰ ਵਿਖੇ ਉਨ੍ਹਾਂ ਦੇ ਮੋਟਰਸਾਈਕਲ ਦੀ ਕੰਬਾਈਨ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ 25 ਸਾਲਾ ਰਾਜਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਬਲਵਿੰਦਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਸੀ। ਇਸ ਦੌਰਾਨ ਦੇਰ ਰਾਤ ਇਲਾਜ ਅਧੀਨ ਉਨ੍ਹਾਂ ਦੀ ਵੀ ਮੌਤ ਹੋ ਗਈ। ਇੱਕ ਪਾਸੇ ਜਵਾਨ ਪੁੱਤਰ ਦੀ ਮੌਤ ਦਾ ਦੁੱਖ ਤੇ ਦੂਜੇ ਪਾਸੇ ਪਿਤਾ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ, ਕੰਬਾਈਨ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਕੰਬਾਈਨ ਤੇ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਦੱਸਿਆ ਗਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।