ਸੜਕਾਂ ’ਤੇ ਅਵਾਰਾ ਪਸ਼ੂਆਂ ਦਾ ਖੌਫ, ਕਦੇ ਵੀ ਵਾਪਰ ਸਕਦੈ ਵੱਡਾ ਹਾਦਸਾ ਮਹੇੜੂ ਤੋਂ ਚਹੇੜੂ ਰੋਡ ’ਤੇ ਅਵਾਰਾ ਪਸ਼ੂਆਂ ਦਾ ਖੌਫ, ਕਦੇ ਵੀ ਵਾਪਰ ਸਕਦੈ ਵੱਡਾ ਹਾਦਸਾ
Publish Date: Mon, 09 Nov 2026 07:04 PM (IST)
Updated Date: Mon, 09 Nov 2026 07:05 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਮਹੇੜੂ ਤੋਂ ਚਹੇੜੂ ਨੂੰ ਜਾਣ ਵਾਲੀ ਸੜਕ ’ਤੇ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸੜਕ ’ਤੇ ਥਾਂ-ਥਾਂ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਰਾਤ ਸਮੇਂ ਸੜਕ ’ਤੇ ਘੁੰਮਦੇ ਪਸ਼ੂ ਵਾਹਨ ਚਾਲਕਾਂ ਨੂੰ ਦੂਰੋਂ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ, ਉੱਪਰੋਂ ਹੁਣ ਸਰਦ ਮੌਸਮ ਆ ਚੁੱਕਾ ਹੈ, ਜਿਸ ਕਾਰਨ ਪੈਂਦੀਆਂ ਗਹਿਰੀਆਂ ਧੁੰਦਾ ਦੌਰਾਨ ਹਾਦਸਿਆਂ ਦਾ ਖ਼ਦਸ਼ਾ ਹੋਰ ਵੀ ਵਧ ਜਾਂਦਾ ਹੈ। ਇਸ ਸੜਕ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਦੋਪਹੀਆ ਵਾਹਨ, ਕਾਰਾਂ ਤੇ ਹੋਰ ਵਾਹਨ ਲੰਘਦੇ ਹਨ। ਅਵਾਰਾ ਪਸ਼ੂਆਂ ਦੇ ਅਚਾਨਕ ਸੜਕ ਵਿਚਕਾਰ ਆ ਜਾਣ ਕਾਰਨ ਵਾਹਨ ਚਾਲਕਾਂ ਨੂੰ ਆਪਣੀ ਗੱਡੀ ਸੰਭਾਲਣੀ ਮੁਸ਼ਕਲ ਹੋ ਜਾਂਦੀ ਹੈ। ਇਸ ਕਾਰਨ ਨਾ ਸਿਰਫ਼ ਵਾਹਨ ਚਾਲਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ, ਸਗੋਂ ਕਿਸੇ ਬੇਕਸੂਰ ਰਾਹਗੀਰ ਦੀ ਜ਼ਿੰਦਗੀ ਵੀ ਖ਼ਤਰੇ ਵਿੱਚ ਪੈ ਸਕਦੀ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਜੇਕਰ ਸਮੇਂ ਸਿਰ ਇਨ੍ਹਾਂ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਤੇ ਉਨ੍ਹਾਂ ਦੀ ਸੰਭਾਲ ਲਈ ਉਚਿਤ ਪ੍ਰਬੰਧ ਨਾ ਕੀਤੇ ਗਏ ਤਾਂ ਕੋਈ ਵੱਡਾ ਹਾਦਸਾ ਵਾਪਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਹੇੜੂ ਤੋਂ ਚਹੇੜੂ ਰੋਡ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਤੁਰੰਤ ਸੜਕ ਤੋਂ ਹਟਾ ਕੇ ਉਨ੍ਹਾਂ ਦੀ ਸੰਭਾਲ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਪਿੰਡ ਵਿੱਚ ਪਿਛਲੇ ਥੋੜੇ ਸਮੇਂ ਤੋਂ ਨੀਲ ਗਾਂਵਾਂ ਦੀ ਆਮਦ ਵੀ ਵੱਡੀ ਗਿਣਤੀ ਵਿੱਚ ਤੇਜ਼ੀ ਨਾਲ ਹੋਈ ਹੈ। ਇਲਾਕੇ ਦੇ ਕੁਝ ਕਿਸਾਨ ਵੀਰਾਂ ਦਾ ਕਹਿਣਾ ਹੈ ਕਿ ਇਹ ਨੀਲ ਗਾਂਵਾਂ ਫਸਲਾਂ ਦਾ ਵੀ ਬਹੁਤ ਨੁਕਸਾਨ ਕਰਦੀਆਂ ਹਨ।