20 ਤੋਂ ਕੰਪਿਊਟਰ ਅਧਿਆਪਕ ਲਾਉਣਗੇ ਪੱਕਾ ਮੋਰਚਾ ਅਧਿਆਪਕ 20 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸੁਰੂਆਤ
Publish Date: Mon, 14 Sep 2026 09:28 PM (IST)
Updated Date: Mon, 14 Sep 2026 09:29 PM (IST)
ਸੁੱਖੀ ਟਿੱਬਾ ਪੰਜਾਬੀ ਜਾਗਰਣ ਹੁਸੈਨਪੁਰ : ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਪਵਨ ਸੋਹਲ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6,640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ, ਨਰੇਸ਼ ਕੁਮਾਰ, ਹਰਮਿੰਦਰ ਸਿੰਘ, ਤਲਵਿੰਦਰ ਸਿੰਘ, ਰਕੇਸ਼ ਕੁਮਾਰ ਤੇ ਜਤਿੰਦਰ ਸਿੰਘ ਨੇ ਦੱਸਿਆ ਕਿ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਕਪੂਰਥਲਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6,640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ-ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ।