ਐਨਆਰਆਈ ਦੇ ਘਰ ਲੱਗੀ ਅੱਗ, ਸਕਾਰਪੀਓ ਸਮੇਤ ਲੱਖਾਂ ਦਾ ਸਾਮਾਨ ਸੜਿਆ ਕਪੂਰਥਲਾ ਵਿੱਚ ਐਨਆਰਆਈ ਦੇ ਘਰ ਲੱਗੀ ਅੱਗ, ਸਕਾਰਪੀਓ ਸਮੇਤ ਲੱਖਾਂ ਦਾ ਸਾਮਾਨ ਸੜ ਕੇ ਸੁਆਹ
Publish Date: Sat, 19 Sep 2026 07:54 PM (IST)
Updated Date: Sat, 19 Sep 2026 07:56 PM (IST)
ਪਰਿਵਾਰ ਨੇ ਕੁਝ ਲੋਕਾਂ ’ਤੇ ਜਤਾਇਆ ਸ਼ੱਕ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਖੈੜਾ ਬੇਟ ਵਿੱਚ ਵਿਦੇਸ਼ ਰਹਿ ਰਹੇ ਇੱਕ ਐੱਨਆਰਆਈ ਪਰਿਵਾਰ ਦੇ ਘਰ ਵਿੱਚ ਦੇਰ ਰਾਤ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਘਰ ਦੇ ਅੰਦਰ ਖੜ੍ਹੀ ਸਕਾਰਪੀਓ ਗੱਡੀ ਤੇ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰ ਨੇ ਕੁਝ ਵਿਅਕਤੀਆਂ ’ਤੇ ਸ਼ੱਕ ਜਤਾਇਆ ਹੈ, ਹਾਲਾਂਕਿ ਅਜੇ ਤੱਕ ਕਿਸੇ ’ਤੇ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਖੈੜਾ ਬੇਟ ਵਾਸੀ ਕੁਲਵੰਤ ਸਿੰਘ ਖੈੜਾ ਪੁੱਤਰ ਨੰਬਰਦਾਰ ਕਰਨੈਲ ਸਿੰਘ ਦਾ ਪਰਿਵਾਰ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਦੇਰ ਰਾਤ ਉਨ੍ਹਾਂ ਦੇ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਘਰ ਦੇ ਅੰਦਰ ਖੜ੍ਹੀ ਸਕਾਰਪੀਓ ਗੱਡੀ ਤੇ ਹੋਰ ਘਰੇਲੂ ਸਾਮਾਨ ਵੀ ਇਸ ਦੀ ਲਪੇਟ ਵਿੱਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੌਰਾਨ ਸਕਾਰਪੀਓ ਦੇ ਟਾਇਰ ਫਟਣ ਕਾਰਨ ਜ਼ੋਰਦਾਰ ਧਮਾਕੇ ਦੀ ਆਵਾਜ਼ ਵੀ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ ਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਘਟਨਾ ਦੀ ਜਾਣਕਾਰੀ ਫੋਨ ਰਾਹੀਂ ਵਿਦੇਸ਼ ਰਹਿ ਰਹੇ ਐੱਨਆਰਆਈ ਪਰਿਵਾਰ ਨੂੰ ਦਿੱਤੀ ਗਈ। ਐੱਨਆਰਆਈ ਕੁਲਵੰਤ ਸਿੰਘ ਨੇ ਮੀਡੀਆ ਨਾਲ ਫੋਨ ’ਤੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦਾ ਇੱਕ ਸਥਾਨਕ ਧਾਰਮਿਕ ਡੇਰੇ ਨਾਲ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਸ਼ੱਕ ਜਤਾਇਆ ਕਿ ਇਸੇ ਵਿਵਾਦ ਨਾਲ ਜੁੜੇ ਕੁਝ ਲੋਕਾਂ ਦੀ ਇਸ ਘਟਨਾ ਵਿੱਚ ਭੂਮਿਕਾ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਠੋਸ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਅੱਗ ਕਿਹੜੀਆਂ ਹਾਲਾਤਾਂ ਵਿੱਚ ਲੱਗੀ ਤੇ ਇਸ ਵਿੱਚ ਕਿਸੇ ਵਿਅਕਤੀ ਦੀ ਭੂਮਿਕਾ ਸੀ ਜਾਂ ਨਹੀਂ।