ਕਪੂਰਥਲਾ ’ਚ ਬੈਂਕ ’ਚ ਅੱਗ ਲੱਗਣ ਕਾਰਨ ਮੱਚੀ ਹਫੜਾ-ਦਫੜੀ, ਲੱਖਾਂ ਰੁਪਏ ਦਾ ਭਾਰੀ ਨੁਕਸਾਨ; ਵੱਡਾ ਹਾਦਸਾ ਟਲਿਆ
ਸੂਚਨਾ ਮਿਲਦੇ ਹੀ ਫਾਇਰ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚਾਰ ਮੈਂਬਰੀ ਟੀਮ ਫਾਇਰ ਬ੍ਰਿਗੇਡ ਦੀ ਗੱਡੀ ਸਮੇਤ ਮੌਕੇ ’ਤੇ ਪਹੁੰਚੀ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ, ਸ਼ਨੀਵਾਰ ਸਵੇਰੇ ਕਰੀਬ 5:59 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਰੋਡ ਸਥਿਤ IDBI ਬੈਂਕ ’ਚੋਂ ਧੂੰਆਂ ਨਿਕਲ ਰਿਹਾ ਹੈ।
Publish Date: Sat, 29 Aug 2026 01:07 PM (IST)
Updated Date: Sat, 29 Aug 2026 01:09 PM (IST)
ਸੁਖਪਾਲ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ। ਕਪੂਰਥਲਾ ਦੇ ਰੇਲਵੇ ਸਟੇਸ਼ਨ ਰੋਡ ’ਤੇ ਸਥਿੱਤ IDBI ਬੈਂਕ ਦੀ ਸ਼ਾਖਾ ਵਿੱਚ ਸ਼ਨੀਵਾਰ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਬੈਂਕ ’ਚੋਂ ਧੂੰਆਂ ਨਿਕਲਦਾ ਦੇਖ ਕੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਫਾਇਰ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚਾਰ ਮੈਂਬਰੀ ਟੀਮ ਫਾਇਰ ਬ੍ਰਿਗੇਡ ਦੀ ਗੱਡੀ ਸਮੇਤ ਮੌਕੇ ’ਤੇ ਪਹੁੰਚੀ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ, ਸ਼ਨੀਵਾਰ ਸਵੇਰੇ ਕਰੀਬ 5:59 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਰੋਡ ਸਥਿਤ IDBI ਬੈਂਕ ’ਚੋਂ ਧੂੰਆਂ ਨਿਕਲ ਰਿਹਾ ਹੈ।
ਸੂਚਨਾ ਮਿਲਦੇ ਹੀ ਟੀਮ ਬਿਨਾਂ ਦੇਰੀ ਕੀਤੇ ਘਟਨਾ ਸਥਾਨ ’ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਬੈਂਕ ਦੇ ਅੰਦਰ ਜਾ ਕੇ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ। ਕਰੀਬ ਅੱਧੇ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।
ਫਾਇਰ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਦਸਤਾਵੇਜ਼ ਅਤੇ ਫਰਨੀਚਰ ਨੂੰ ਨੁਕਸਾਨ
ਉਥੇ ਹੀ IDBI ਬੈਂਕ ਦੇ ਬ੍ਰਾਂਚ ਮੈਨੇਜਰ ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 6 ਵਜੇ ਸੂਚਨਾ ਮਿਲੀ ਸੀ ਕਿ ਬੈਂਕ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਬੈਂਕ ਪਹੁੰਚੇ। ਉਸ ਸਮੇਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਚੁੱਕੀ ਸੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ । ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਬੈਂਕ ਦੇ ਅੰਦਰ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਬ੍ਰਾਂਚ ਮੈਨੇਜਰ ਅਨੁਸਾਰ, ਅੱਗ ਕਾਰਨ ਬੈਂਕ ’ਚ ਪਏ ਜ਼ਰੂਰੀ ਦਸਤਾਵੇਜ਼ਾਂ, ਫਰਨੀਚਰ ਅਤੇ ਹੋਰ ਸਮਾਨ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਬੈਂਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ ।
ਲਾਕਰ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ
ਘਟਨਾ ਦੌਰਾਨ ਰਾਹਤ ਦੀ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਬੈਂਕ ਦਾ ਲਾਕਰ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਅੱਗ ਕਾਰਨ ਲਾਕਰ ਖੇਤਰ ਨੂੰ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਇਆ। ਇਸ ਨਾਲ ਬੈਂਕ ’ਚ ਰੱਖੇ ਲਾਕਰਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਚਿੰਤਾ ਟਲ ਗਈ ਹੈ। ਫਿਲਹਾਲ ਫਾਇਰ ਬ੍ਰਿਗੇਡ ਅਤੇ ਬੈਂਕ ਪ੍ਰਬੰਧਨ ਵੱਲੋਂ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ।
ਮੁੱਢਲੇ ਤੌਰ ’ਤੇ ਸ਼ਾਰਟ ਸਰਕਟ ਨੂੰ ਅੱਗ ਲੱਗਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਵਿਸਥਾਰਪੂਰਵਕ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਸਹੀ ਕਾਰਨ ਅਤੇ ਕੁੱਲ ਨੁਕਸਾਨ ਦੀ ਸਥਿਤੀ ਸਪੱਸ਼ਟ ਹੋ ਸਕੇਗੀ।