ਭੁਲੱਥ ’ਚ ਨਗਰ ਪੰਚਾਇਤ ਪਾਰਕ ਵਿਖੇ ਹੀ ਹੋਵੇਗੀ ਪਟਾਕਿਆਂ ਦੀ ਵਿਕਰੀ ਭੁਲੱਥ ਸ਼ਹਿਰ ’ਚ ਨਗਰ ਪੰਚਾਇਤ ਪਾਰਕ ਵਿਖੇ ਹੀ ਹੋਵੇਗੀ ਪਟਾਕਿਆਂ ਦੀ ਵਿਕਰੀ
Publish Date: Mon, 02 Nov 2026 09:06 PM (IST)
Updated Date: Mon, 02 Nov 2026 09:08 PM (IST)
ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਪਟਾਕੇ ਵੇਚਣ ਤੇ ਰਹੇਗੀ ਪਾਬੰਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਐੱਸਡੀਐੱਮ ਰੁਪਿੰਦਰ ਪਾਲ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਕਾਰਜ ਸਾਧਕ ਅਫ਼ਸਰ ਭੁਲੱਥ ਕਮਲਜੀਤ ਸਿੰਘ ਤੇ ਥਾਣਾ ਭੁਲੱਥ ਦੇ ਐੱਸਐੱਚਓ ਦੀ ਟੀਮ ਵੱਲੋਂ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ਸਬੰਧੀ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀ ਗਈ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਟੀਮ ਨੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਪਟਾਕਿਆਂ ਦੀ ਵਿਕਰੀ ਕਿਸੇ ਵੀ ਕੀਮਤ ਤੇ ਨਾ ਕੀਤੀ ਜਾਵੇ। ਭੁਲੱਥ ਸ਼ਹਿਰ ਵਿੱਚ ਵੇਈਂ ਪੁਲ ਨੇੜੇ ਸਥਿਤ ਨਗਰ ਪੰਚਾਇਤ ਪਾਰਕ ਨੂੰ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਿਸੇ ਹੋਰ ਸਥਾਨ ਤੇ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਥਾਂ ਤੇ ਪਟਾਕਿਆਂ ਦੀ ਗੈਰ-ਕਾਨੂੰਨੀ ਜਾਂ ਅਣਅਧਿਕਾਰਤ ਵਿਕਰੀ ਹੁੰਦੀ ਪਾਈ ਗਈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਨਗਰ ਪੰਚਾਇਤ ਅਧਿਕਾਰੀ ਚੰਦਰ ਸ਼ੇਖਰ ਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।