ਪਿੰਡ ਖਾਨੋਵਾਲ ’ਚ ਗੋਲੀਬਾਰੀ, ਇੱਕ ਜ਼ਖ਼ਮੀ ਕਪੂਰਥਲਾ ਦੇ ਪਿੰਡ ਖਾਨੋਵਾਲ ਵਿੱਚ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ
Publish Date: Mon, 21 Sep 2026 09:28 PM (IST)
Updated Date: Mon, 21 Sep 2026 09:29 PM (IST)
--ਦੋ ਬਾਈਕ ਸਵਾਰਾਂ ਨਾਲ ਹੋਈ ਬਹਿਸ ਤੋਂ ਬਾਅਦ ਚੱਲੀਆਂ ਗੋਲੀਆਂ --ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਪਿੰਡ ਖਾਨੋਵਾਲ ਵਿੱਚ ਅੱਜ ਦੁਪਹਿਰ ਗੁੱਜਰਾਂ ਦੇ ਡੇਰੇ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਰਹਿਮਤ ਅਲੀ ਵਾਸੀ ਗੁੱਜਰ ਡੇਰਾ, ਪਿੰਡ ਖਾਨੋਵਾਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ (ਡੀ) ਹਰਿੰਦਰ ਸਿੰਘ ਤੇ ਡੀਐੱਸਪੀ ਸਬ-ਡਿਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਸ਼ੀਤਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਘਟਨਾ ਸਥਾਨ ਤੋਂ ਇੱਕ ਖੋਲ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਜ਼ਖ਼ਮੀ ਰਹਿਮਤ ਅਲੀ ਦੀ ਪਤਨੀ ਨੇ ਦੱਸਿਆ ਕਿ ਦੁਪਹਿਰ ਸਮੇਂ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਡੇਰੇ ਨੇੜੇ ਆਏ ਤੇ ਉੱਥੇ ਪਿਸ਼ਾਬ ਕਰਨ ਲੱਗੇ। ਉਸ ਦੇ ਪਤੀ ਰਹਿਮਤ ਅਲੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ। ਇਸੇ ਦੌਰਾਨ ਮੋਟਰਸਾਈਕਲ ਸਵਾਰਾਂ ਨੇ ਕਥਿਤ ਤੌਰ ’ਤੇ ਪਿਸਤੌਲ ਕੱਢ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਕਾਰਨ ਰਹਿਮਤ ਅਲੀ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਡੀਐੱਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਘਟਨਾ ਸਥਾਨ ’ਤੇ ਤਿੰਨ ਫਾਇਰ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਇੱਕ ਖੋਲ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।