ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜ ਮੈਡੀਕਲ ਸਟੋਰਾਂ ਦੀ ਚੈਕਿੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪੰਜ ਮੈਡੀਕਲ ਸਟੋਰਾਂ ਦੀ ਚੈਕਿੰਗ
Publish Date: Sat, 24 Oct 2026 07:19 PM (IST)
Updated Date: Sat, 24 Oct 2026 07:22 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਡਰੱਗ ਵਿੰਗ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਹਮੀਰਾ ਤੇ ਲੱਖਣ ਖੁਰਦ ਵਿੱਚ ਪੰਜ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਮੈਡੀਕਲ ਸਟੋਰਾਂ ’ਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਦੀਆਂ ਆਮ ਉਲੰਘਣਾਵਾਂ ਪਾਈਆਂ ਗਈਆਂ। ਇਨ੍ਹਾਂ ਸਬੰਧੀ ਰਿਪੋਰਟਾਂ ਅਗਲੀ ਲੋੜੀਂਦੀ ਕਾਰਵਾਈ ਲਈ ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼) ਨੂੰ ਭੇਜ ਦਿੱਤੀਆਂ ਗਈਆਂ ਹਨ, ਤਾਂ ਜੋ ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਡਰੱਗ ਕੰਟਰੋਲ ਅਫ਼ਸਰ ਅਨੁਪਮਾ ਕਾਲੀਆ ਨੇ ਦੱਸਿਆ ਕਿ ਜਾਂਚ ਦੌਰਾਨ ਕਿਸੇ ਵੀ ਮੈਡੀਕਲ ਸਟੋਰ ’ਤੇ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦਾ ਸਟਾਕ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਜਾਂਚਾਂ ਦਵਾਈਆਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹਨ। ਇਸ ਵਿੱਚ ਖ਼ਾਸ ਤੌਰ ’ਤੇ ਉਨ੍ਹਾਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣਾ ਸ਼ਾਮਲ ਹੈ, ਜਿਨ੍ਹਾਂ ਦੀ ਵਰਤੋਂ ਨਸ਼ੇ ਦੀ ਲਤ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਅਚਨਚੇਤ ਜਾਂਚਾਂ ਜਾਰੀ ਰਹਿਣਗੀਆਂ।