ਧੁੰਦ ’ਚ ਟ੍ਰੈਫਿਕ ਨਿਯਮਾਂ ਦੀ ਕਰੋ ਪਾਲਣਾ : ਮੱਖਣ ਸਿੰਘ ਧੁੰਦ ਵਿੱਚ ਟ੍ਰੈਫਿਕ ਨਿਯਮਾਂ ਦੀ ਕਰੋ ਪਾਲਣਾ: ਏਐਸਆਈ ਮੱਖਣ ਸਿੰਘ
Publish Date: Tue, 17 Nov 2026 06:54 PM (IST)
Updated Date: Tue, 17 Nov 2026 06:54 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਸਰਦੀ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ ਹੀ ਇਲਾਕੇ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਧੁੰਦ ਕਾਰਨ ਸੜਕਾਂ ਤੇ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਐੱਸਐੱਸ ਫੋਰਸ ਹਾਈਵੇ ਪੁਲਿਸ ਦੇ ਇੰਚਾਰਜ ਏਐੱਸਆਈ ਮੱਖਣ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਧੁੰਦ ਦੌਰਾਨ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤੇ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਧੁੰਦ ਦੌਰਾਨ ਵਾਹਨਾਂ ਦੀ ਰਫ਼ਤਾਰ ਘੱਟ ਰੱਖਣੀ ਚਾਹੀਦੀ ਹੈ ਤੇ ਅੱਗੇ ਜਾ ਰਹੇ ਵਾਹਨ ਤੋਂ ਉਚਿਤ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਵਾਹਨ ਚਾਲਕ ਆਪਣੇ ਵਾਹਨਾਂ ਦੀਆਂ ਲਾਈਟਾਂ, ਇੰਡੀਕੇਟਰ ਤੇ ਬ੍ਰੇਕਾਂ ਦੀ ਜਾਂਚ ਜ਼ਰੂਰ ਕਰਨ। ਧੁੰਦ ਵਿੱਚ ਫੌਗ ਲਾਈਟਾਂ ਦੀ ਵਰਤੋਂ ਕਰਨ ਤੇ ਬਿਨਾਂ ਲੋੜ ਵਾਹਨ ਨੂੰ ਸੜਕ ਕਿਨਾਰੇ ਖੜ੍ਹਾ ਨਾ ਕਰਨ। ਏਐੱਸਆਈ ਮੱਖਣ ਸਿੰਘ ਨੇ ਕਿਹਾ ਕਿ ਕਈ ਵਾਰ ਜਲਦਬਾਜ਼ੀ ਤੇ ਲਾਪਰਵਾਹੀ ਕਾਰਨ ਸੜਕ ਹਾਦਸੇ ਵਾਪਰ ਜਾਂਦੇ ਹਨ, ਜਿਨ੍ਹਾਂ ਵਿੱਚ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਸ ਲਈ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਤੇ ਓਵਰਟੇਕ ਕਰਨ ਤੋਂ ਵੀ ਬਚਿਆ ਜਾਵੇ। ਉਨ੍ਹਾਂ ਖ਼ਾਸ ਤੌਰ ਤੇ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣ ਤੇ ਕਾਰ ਚਾਲਕਾਂ ਨੂੰ ਸੀਟ ਬੈਲਟ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸੜਕ ਸੁਰੱਖਿਆ ਲਈ ਪੁਲਿਸ ਦਾ ਸਹਿਯੋਗ ਦੇਣ ਦੇ ਨਾਲ-ਨਾਲ ਆਪਣੀ ਜਾਨ ਦੀ ਕੀਮਤ ਨੂੰ ਵੀ ਸਮਝਣਾ ਚਾਹੀਦਾ ਹੈ।