- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

- ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ
- ਜ਼ਿਲ੍ਹੇ ਭਰ ’ਚ 2,43,139 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਲਖਵੀਰ ਸਿੰਘ ਲੱਖੀ/ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ ‘ਆਪ’ ਦੇ ਹਲਕਾ ਇੰਚਾਰਜ ਸੱਜਣ ਚੀਮਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰ ਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਕਟਾਰੂਚੱਕ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ, ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2,585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13,751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,11,155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ 2,51,758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 2,43,139 ਮੀਟ੍ਰਿਕ ਟਨ ਦੀ ਖ਼ਰੀਦ ਕਰ ਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਕਣਕ ਦੀ ਲਿਫਟਿੰਗ ਸਮੇਂ ਸਿਰ ਨਾ ਹੋਣ ਦੀ ਗੱਲ ਨੂੰ ਇਹ ਕਹਿ ਕੇ ਟਾਲ ਗਏ ਕਿ ਸਾਡਾ ਮੁੱਖ ਕੰਮ ਪਹਿਲਾਂ ਕਿਸਾਨਾਂ ਦੀ ਕਣਕ ਖ਼ਰੀਦ ਕੇ ਉਨ੍ਹਾਂ ਦੇ ਖਾਤੇ ਵਿੱਚ ਉਨ੍ਹਾਂ ਦੀ ਬਣਦੀ ਰਕਮ ਪਾਉਣਾ ਹੈ, ਉਸ ਤੋਂ ਬਾਅਦ ਲਿਫਟਿੰਗ ਵੀ ਕਰਵਾਈ ਜਾਵੇਗੀ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਮਾਰਕੀਟ ਕਮੇਟੀ ਚੇਅਰਮੈਨ ਮੁਹੰਮਦ ਰਫ਼ੀ, ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਬਲਦੇਵ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਪੰਚਾਇਤ ਸੰਮਤੀ ਦੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਤਪਾਲ ਮਦਾਨ ਕੈਸ਼ੀਅਰ, ਸਰਪੰਚ ਮੇਜਰ ਸਿੰਘ ਜੈਨਪੁਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਕੌਂਸਲਰ ਰਜਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਪੱਪਾ, ਆੜ੍ਹਤੀ ਬਲਦੇਵ ਸਿੰਘ ਮੰਗਾ, ਨੰਬਰਦਾਰ ਜਤਿੰਦਰਜੀਤ ਸਿੰਘ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਾਬਕਾ ਸਰਪੰਚ ਹਰਦੇਵ ਸਿੰਘ ਨਸੀਰਪੁਰ, ਸੋਨੂੰ ਰਾਮੇ ‘ਆਪ’ ਆਗੂ, ਜਤਿੰਦਰ ਸੇਠੀ, ਠੇਕੇਦਾਰ ਰੋਸ਼ਨ ਲਾਲ, ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ‘ਆਪ’ ਆਗੂ ਤੇ ਵਰਕਰ ਵੀ ਹਾਜ਼ਰ ਸਨ।