ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਜਾਂਚ ਮੁਹਿੰਮ ਤੇਜ਼ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਜਾਂਚ ਮੁਹਿੰਮ ਤੇਜ਼
Publish Date: Sun, 18 Oct 2026 07:11 PM (IST)
Updated Date: Sun, 18 Oct 2026 07:12 PM (IST)
--ਅਗਸਤ ਤੋਂ ਹੁਣ ਤੱਕ ਕਪੂਰਥਲਾ ’ਚ ਖਾਣ-ਪੀਣ ਦੀਆਂ ਵਸਤਾਂ ਦੇ 72 ਨਮੂਨੇ ਲਏ --ਡਿਪਟੀ ਕਮਿਸ਼ਨਰ ਵੱਲੋਂ ਮਿਲਾਵਟੀ ਖੁਰਾਕ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਚਿਤਾਵਨੀ ਸੁਖਪਾਲ ਹੁੰਦਲ/ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਅਗਸਤ ਮਹੀਨੇ ਤੋਂ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਵਸਤਾਂ ਦੇ 72 ਨਮੂਨੇ ਲਏ ਗਏ ਹਨ। ਇਸ ਮੁਹਿੰਮ ਦਾ ਉਦੇਸ਼ ਖਾਧ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣਾ, ਘਟੀਆ ਗੁਣਵੱਤਾ ਵਾਲੀਆਂ ਵਸਤਾਂ ਦੀ ਵਿਕਰੀ ’ਤੇ ਰੋਕ ਲਗਾਉਣਾ ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਸਮੇਂ ਦੌਰਾਨ ਲਏ ਗਏ ਜ਼ਿਆਦਾਤਰ ਨਮੂਨੇ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ, ਬੇਕਰੀ ਦੀਆਂ ਵਸਤਾਂ, ਕਰਿਆਨੇ ਦੇ ਸਾਮਾਨ ਤੇ ਹੋਰ ਖੁਰਾਕ ਪਦਾਰਥਾਂ ਨਾਲ ਸਬੰਧਤ ਸਨ। ਇਹ ਨਮੂਨੇ ਉੱਚ ਅਧਿਕਾਰੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਏ ਗਏ ਹਨ। ਸਾਰੇ ਨਮੂਨੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਗਏ ਹਨ, ਤਾਂ ਜੋ ਇਨ੍ਹਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਸੰਭਾਵੀ ਮਿਲਾਵਟ ਦੀ ਜਾਂਚ ਵੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲਾਵਟੀ ਖੁਰਾਕ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂਕਿ ਅਜਿਹੇ ਪਦਾਰਥ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਫੂਡ ਸੇਫਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਖਪਤਕਾਰਾਂ ਨੂੰ ਮਠਿਆਈਆਂ ਤੇ ਹੋਰ ਖੁਰਾਕ ਪਦਾਰਥ ਭਰੋਸੇ ਨਾਲ ਖਰੀਦਣ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ। ਸੁਰੱਖਿਅਤ, ਸ਼ੁੱਧ ਤੇ ਸਾਫ਼-ਸੁਥਰੇ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਬੁਨਿਆਦੀ ਜ਼ਿੰਮੇਵਾਰੀ ਹੈ ਤੇ ਲੋਕਾਂ ਦੀ ਸਿਹਤ ਦੀ ਰਾਖੀ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਠਿਆਈਆਂ ਬਣਾਉਣ ਵਾਲਿਆਂ, ਬੇਕਰੀ ਮਾਲਕਾਂ, ਦੁੱਧ ਵਿਕਰੇਤਾਵਾਂ ਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਸੰਭਾਲਣ ਤੇ ਸਟੋਰ ਕਰਨ ਸਮੇਂ ਸਹੀ ਸਫ਼ਾਈ ਬਣਾਈ ਰੱਖਣ ਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਖੁਰਾਕ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਖੁਰਾਕ ਪਦਾਰਥ ਮੁਹੱਈਆ ਕਰਵਾਏ ਜਾ ਸਕਣ। ਇਸ ਦੌਰਾਨ ਸਹਾਇਕ ਕਮਿਸ਼ਨਰ (ਫੂਡ) ਹਰਜੋਤ ਪਾਲ ਸਿੰਘ, ਫੂਡ ਸੇਫਟੀ ਅਫ਼ਸਰਾਂ ਰਮਨ ਵਿਰਦੀ ਤੇ ਮਹਿਕ ਸੈਣੀ ਨੇ ਦੱਸਿਆ ਕਿ ਖੁਰਾਕ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਉਤਪਾਦਾਂ ਦੀ ਗੁਣਵੱਤਾ ਤੇ ਸੁਰੱਖਿਆ ਬਰਕਰਾਰ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤੇ ਇਸ ਤਹਿਤ ਬਣਾਏ ਗਏ ਨਿਯਮਾਂ ਤੇ ਰੈਗੂਲੇਸ਼ਨਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।