ਪਵਿੱਤਰ ਵੇਈਂ ’ਚ ਚਾਰ ਰੋਜ਼ਾ ਕਿਸ਼ਤੀ ਮੁਕਾਬਲੇ ਅੱਜ ਤੋਂ ਚਾਰ ਰੋਜ਼ਾ ਕਿਸ਼ਤੀ ਮੁਕਾਬਲੇ ਅੱਜ ਤੋਂ, ਸੰਤ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਕਰਨਗੇ ਰਸਮੀ ਸ਼ੁਰੂਆਤ
Publish Date: Fri, 09 Oct 2026 08:04 PM (IST)
Updated Date: Fri, 09 Oct 2026 08:05 PM (IST)
ਸੰਤ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਕਰਨਗੇ ਰਸਮੀ ਸ਼ੁਰੂਆਤ ਵੇਈਂ ਨਦੀ ਵਿਚ ਖੂਬਸੂਰਤ ਟਰੈਕ ਤਿਆਰ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਿਆਕਿੰਗ-ਕਨੋਇੰਗ ਦੇ ਚਾਰ ਰੋਜ਼ਾ ਮੁਕਾਬਲੇ 10 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਇਨ੍ਹਾਂ ਮੁਕਾਬਲਿਆਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਤੇ ਟੀਮਾਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਸਾਂਝੇ ਤੌਰ ’ਤੇ ਕਰਨਗੇ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਪਾਣੀਆਂ ਦੀ ਦੀ ਧਰਤੀ ਹੈ। ਇਥੇ ਪਾਣੀ ਦੀਆਂ ਤਾਂ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਿਆਕਿੰਗ ਤੇ ਕਨੋਇੰਗ ਵਰਗੀਆਂ ਜਲ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਹਿੰਮਤ ਤੇ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੋਚ ਅਮਨਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਇਨ੍ਹਾਂ ਚਾਰ ਰੋਜ਼ਾ ਮੁਕਾਬਲਿਆਂ ਵਿੱਚ ਪੰਜਾਬ ਦੇ ਕਰੀਬ 20 ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ। ਵੱਖ-ਵੱਖ ਉਮਰ ਵਰਗਾਂ ਅਧੀਨ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਤੇ 31 ਤੋਂ 40 ਸਾਲ ਉਮਰ ਵਰਗ ਸ਼ਾਮਲ ਹਨ। ਜ਼ਿਲਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੇਡ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਤੇ ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਅਧਿਕਾਰੀਆਂ ਤੇ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਕਿਆਕਿੰਗ-ਕਨੋਇੰਗ ਮੁਕਾਬਲੇ ਜ਼ਿਲ੍ਹਾ ਖੇਡ ਵਿਭਾਗ, ਪੰਜਾਬ ਵੱਲੋਂ ਪਵਿੱਤਰ ਵੇਈਂ ਕਿਨਾਰੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵਿਖੇ ਕਰਵਾਏ ਜਾ ਰਹੇ ਹਨ।