ਚਾਰ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸੰਪੰਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਚਾਰ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਦੀ ਸਫ਼ਲਤਾਪੂਰਵਕ ਸਮਾਪਤੀ
Publish Date: Mon, 07 Sep 2026 07:55 PM (IST)
Updated Date: Mon, 07 Sep 2026 07:55 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਉੱਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਚਾਰ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ, ਵੋਟਰ ਵਜੋਂ ਰਜਿਸਟ੍ਰੇਸ਼ਨ ਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਤੇ ਜ਼ਿੰਮੇਵਾਰ ਭਾਗੀਦਾਰੀ ਪ੍ਰਤੀ ਜਾਗਰੂਕ ਕਰਨਾ ਸੀ। ਚਾਰ ਦਿਨਾਂ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਗਏ ਡੈਸਕ ਤੇ ਸਰਗਰਮੀ ਨਾਲ ਭਾਗ ਲਿਆ। ਇਸ ਮੌਕੇ ਮੈਡਮ ਸੋਨੀਆ ਤੇ ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸਮਝਣ ਤੇ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਉਤਸ਼ਾਹਿਤ ਕੀਤਾ। ਵੋਟ ਦੇ ਅਧਿਕਾਰ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਾਲਜ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ਵੋਟ ਦੀ ਮਹੱਤਤਾ, ਵੋਟਰ ਜਾਗਰੂਕਤਾ ਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਦੀਪ ਸਿੰਘ, ਲੈਕਚਰਾਰ ਰਾਜਨੀਤੀ ਸ਼ਾਸਤਰ ਤੇ ਐੱਨਐੱਸਐੱਸ ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕੈਂਪ ਦੀ ਸਮਾਪਤੀ ਤੇ ਸਾਰਿਆਂ ਨੂੰ ਵਧਾਈ ਦਿੱਤੀ।