ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਾ ਚੌਥਾ ਨਗਰ ਕੀਰਤਨ ਸੰਪੰਨ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਾ ਚੌਥਾ ਨਗਰ ਕੀਰਤਨ ਸੰਪੰਨ
Publish Date: Tue, 24 Nov 2026 09:35 PM (IST)
Updated Date: Tue, 24 Nov 2026 09:37 PM (IST)
--ਚੌਥੇ ਹਰੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਵੰਡਿਆ 11,000 ਬੂਟਿਆਂ ਦਾ ਪ੍ਰਸ਼ਾਦ --ਜੰਗਾਂ ਦੀ ਥਾਂ ਸੰਵਾਦ ਦੀ ਪਿਰਤ ਪਾ ਕੇ ਗੁਰੂ ਨਾਨਕ ਨੇ ਦਿਖਾਇਆ ਸੀ ਸ਼ਾਂਤੀ ਦਾ ਮਾਰਗ ਕੁਲਬੀਰ ਸਿੰਘ ਮਿੰਟੂ\ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਹਰਾ ਨਗਰ ਕੀਰਤਨ ਅੱਜ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ, ਆਪਸੀ ਭਾਈਚਾਰਕ ਸਾਂਝ ਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਾ ਹੋਇਆ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸੰਤ ਸੀਚੇਵਾਲ ਨੇ ਕਿਹਾ ਕਿ ਜੰਗਾਂ ਦੀ ਥਾਂ ਬਾਬੇ ਨਾਨਕ ਨੇ ਸੰਵਾਦ ਦੀ ਪਿਰਤ ਪਾ ਕੇ ਸ਼ਾਂਤੀ ਦਾ ਮਾਰਗ ਚੁਣਿਆ ਸੀ। ਚੌਥਾ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਇਸ ਹਰੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ 11,000 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਨਗਰ ਕੀਰਤਨ ਤਲਵੰਡੀ ਚੌਧਰੀਆਂ ਪੁਲ, ਬੀਡੀਪੀਓ ਦਫ਼ਤਰ, ਨਾਨਕ ਹੱਟ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਗੁਰੂ ਕਾ ਬਾਗ, ਚੌਂਕ ਚੇਲਿਆਂ, ਮੁਹੱਲਾ ਸਿੱਖਾਂ, ਬੇਬੇ ਨਾਨਕੀ ਜੀ ਦੇ ਪੁਰਾਤਨ ਘਰ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਸ੍ਰੀ ਹੱਟ ਸਾਹਿਬ ਤੇ ਗੁਰਦੁਆਰਾ ਬੇਰ ਸਾਹਿਬ ਤੋਂ ਹੁੰਦਾ ਹੋਇਆ ਪਵਿੱਤਰ ਕਾਲੀ ਵੇਈਂ ਦੇ ਕੰਢੇ-ਕੰਢੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਵੀ ਮੌਜੂਦ ਰਹੇ। ਨਗਰ ਕੀਰਤਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਦੇ ਸਰਬੱਤ ਦੇ ਭਲੇ, ਪ੍ਰੇਮ, ਏਕਤਾ ਤੇ ਕੁਦਰਤ ਨਾਲ ਇਕਮਿਕ ਹੋ ਕੇ ਜੀਵਨ ਜਿਊਣ ਦੇ ਸੰਦੇਸ਼ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੁਨੀਆ ਦੇ ਕਈ ਹਿੱਸਿਆਂ ਵਿੱਚ ਜੰਗਾਂ, ਹਿੰਸਕ ਟਕਰਾਅ ਅਤੇ ਨਫ਼ਰਤ ਕਾਰਨ ਮਨੁੱਖਤਾ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਜੰਗਾਂ ਕਿਸੇ ਵੀ ਸਮੱਸਿਆ ਦਾ ਸਥਾਈ ਹੱਲ ਨਹੀਂ ਹਨ ਤੇ ਇਨ੍ਹਾਂ ਦਾ ਸਭ ਤੋਂ ਵੱਧ ਖਮਿਆਜ਼ਾ ਮਾਸੂਮ ਬੱਚਿਆਂ, ਔਰਤਾਂ ਤੇ ਬੇਕਸੂਰ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਨੂੰ ਹਥਿਆਰਾਂ ਦੀ ਦੌੜ ਛੱਡ ਕੇ ਪਿਆਰ, ਸੰਵਾਦ, ਸਹਿਣਸ਼ੀਲਤਾ ਤੇ ਮਨੁੱਖਤਾ ਦਾ ਰਾਹ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ, ਧਰਮ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ 11,000 ਬੂਟਿਆਂ ਦਾ ਪ੍ਰਸ਼ਾਦ ਵੰਡਣਾ ਕੇਵਲ ਇੱਕ ਉਪਰਾਲਾ ਨਹੀਂ, ਸਗੋਂ ਹਰਿਆਵਲ ਤੇ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਸਾਂਝਾ ਸੰਕਲਪ ਹੈ। ਹਰ ਵਿਅਕਤੀ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ, ਪਾਣੀ ਦੀ ਬੱਚਤ ਤੇ ਪ੍ਰਦੂਸ਼ਣ ਘਟਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗੱਤਕਾ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ, ਜਦਕਿ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਤੇ ਭਾਈ ਤਜਿੰਦਰ ਸਿੰਘ ਦੇ ਜਥੇ ਨੇ ਨੂਰੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਨਵਾਂ ਨਨਕਾਣਾ ਸਕੂਲ ਦੇ ਬੱਚਿਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ਾਮ ਸਮੇਂ ਪਵਿੱਤਰ ਕਾਲੀ ਵੇਈਂ ਦੇ ਕੰਢੇ ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੇ ਦੀਪਮਾਲਾ ਕਰਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ।