ਸਿਵਲ ਹਸਪਤਾਲ ’ਚ ਫ੍ਰੀ ਮੈਡੀਕਲ ਕੈਂਪ ਲਗਾਇਆ ਸਿਵਲ ਹਸਪਤਾਲ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਫ੍ਰੀ ਮੈਡੀਕਲ ਕੈਂਪ ਲਗਾਇਆ
Publish Date: Sat, 24 Oct 2026 07:27 PM (IST)
Updated Date: Sat, 24 Oct 2026 07:31 PM (IST)
--ਲੋੜਵੰਦ ਮਰੀਜ਼ਾਂ ਨੂੰ ਐਨਕਾਂ, ਬੈਲਟਾਂ, ਵਾਕਰ ਤੇ ਮੁਫ਼ਤ ਦਵਾਈਆਂ ਵੰਡੀਆਂ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਲਗਾਏ ਗਏ, ਇਸ ਕੈਂਪ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਆਸ਼ੀਸ਼ ਜੇਤਲੀ ਦੀ ਦੇਖ-ਰੇਖ ਹੇਠ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਲੋੜੀਂਦੀ ਸਲਾਹ ਦਿੱਤੀ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਦੇ ਨਾਲ-ਨਾਲ ਆਮ ਸਿਹਤ ਜਾਂਚ ਵੀ ਕੀਤੀ ਗਈ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਬੈਲਟਾਂ ਤੇ ਵਾਕਰ ਵੰਡੇ ਗਏ, ਜਦਕਿ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਮੌਕੇ ’ਤੇ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮਕਸਦ ਵਿਸ਼ੇਸ਼ ਤੌਰ ’ਤੇ ਬਜ਼ੁਰਗਾਂ ਤੇ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦੇ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਘਟਾਉਣਾ ਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਮੈਡੀਕਲ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ ਡਾ. ਜਸਪ੍ਰੀਤ ਸਿੰਘ ਤੋਂ ਇਲਾਵਾ ਡਾ. ਨਿਤਿਨ ਕੌਲ, ਡਾ. ਸੁਖਵਿੰਦਰ ਕੌਰ, ਡਾ. ਦੀਪਿਕਾ, ਡਾ. ਨਵਨੀਤ ਕੌਰ, ਡਾ. ਸੰਗੀਤਾ ਤੇ ਡਾ. ਦੀਪਕ ਕੁਮਾਰ, ਡਾ. ਅਰਪਨ, ਐੱਮ ਐਂਡ ਈਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਸਮੇਤ ਹੋਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਡਾਕਟਰਾਂ ਨੇ ਮਰੀਜ਼ਾਂ ਦੀਆਂ ਸਿਹਤ ਸਮੱਸਿਆਵਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਆਸ਼ੀਸ਼ ਜੇਤਲੀ ਨੇ ਕਿਹਾ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਤੇ ਲੋੜਵੰਦ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਡਾ. ਜੇਤਲੀ ਨੇ ਕਿਹਾ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤੇ ਆਮ ਸਿਹਤ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਐਨਕਾਂ, ਬੈਲਟਾਂ, ਵਾਕਰ ਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾ. ਰਵਜੀਤ ਸਿੰਘ ਨੇ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਤੇ ਉਨ੍ਹਾਂ ਦੀ ਸਿਹਤ ਸੰਭਾਲ ਕਰਨਾ ਸਿਹਤ ਵਿਭਾਗ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਇਸ ਮੌਕੇ ਨਰਸਿੰਗ ਸਿਸਟਰ ਬਲਜੀਤ ਕੌਰ, ਸੀਨੀਅਰ ਕਲਰਕ ਸੰਨੀ ਸਹੋਤਾ, ਫਾਰਮੇਸੀ ਅਫ਼ਸਰ ਅਮਿੰਦਰਜੀਤ ਸਿੰਘ, ਅਮਨਪ੍ਰੀਤ ਕੌਰ, ਬਲਹਾਰ ਸਿੰਘ, ਸੁਨੀਲ ਕੁਮਾਰ ਤੇ ਅਮਨਦੀਪ ਸਮੇਤ ਹਸਪਤਾਲ ਦੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।