ਐੱਨਆਰਆਈਜ਼ ਤੇ ਸੰਸਥਾਵਾਂ ਪਿੰਡਾਂ ’ਚ ਲਾਉਣਗੀਆਂ ਕੰਮ : ਡਾ. ਬਲਵੀਰ ਐਨ.ਆਰ.ਆਈ. ਵੀਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪਿੰਡਾਂ ਵਿੱਚ ਲਗਾਏ ਜਾਂਦੇ ਫ੍ਰੀ ਮੈਡੀਕਲ ਕੈਂਪ ਸ਼ਲਾਘਾਯੋਗ ਉਪਰਾਲੇ: ਡਾ. ਬਲਵੀਰ
Publish Date: Fri, 24 Jul 2026 07:43 PM (IST)
Updated Date: Sat, 25 Jul 2026 04:08 AM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ, ਫਗਵਾੜਾ : ਇੱਥੋਂ ਨੇੜਲੇ ਪਿੰਡਾਂ ’ਚ ਐਨ.ਆਰ.ਆਈ. ਵੀਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇਂ ਤੇ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪ ਸਮਾਜ ਲਈ ਬਹੁਤ ਹੀ ਸ਼ਲਾਘਾਯੋਗ ਤੇ ਲੋਕ ਭਲਾਈ ਵਾਲੇ ਉਪਰਾਲੇ ਹਨ ਜੋਂ ਕੇ ਲੋੜਵੰਦ ਮਰੀਜ਼ਾਂ ਲਈ ਬੜੇ ਹੀ ਲਾਭਦਾਇਕ ਸਿੱਧ ਹੁੰਦੇ ਹਨ, ਕਿਉਂਕਿ ਪਿੰਡਾਂ ਵਿੱਚ ਅਜੇ ਵੀ ਬਹੁਤ ਸਾਰੇ ਅਜਿਹੇ ਲੋੜਵੰਦ ਲੋਕ ਹਨ ਜੋ ਗਰੀਬੀ ਅਤੇ ਪੈਸੇ ਦੀ ਲੋੜ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਲੋੜੀਂਦਾ ਇਲਾਜ ਨਹੀਂ ਕਰਵਾ ਸਕਦੇ। ਇਹ ਵਿਚਾਰ ਫਗਵਾੜਾ ਲਾਗਲੇ ਮਹੇੜੂ ਪਿੰਡ ਵਿਖੇ ਪਿਛਲੇ ਕਈ ਸਾਲਾਂ ਤੋਂ ਆਪਣਾ ਕਲੀਨਿਕ ਚਲਾਉਂਦੇ ਡਾ. ਬਲਵੀਰ ਨੇ ਪੰਜਾਬੀ ਜਾਗਰਣ ਨਾਲ ਪ੍ਰਗਟ ਕੀਤੇ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਆਰਥਿਕ ਤੌਰ ਤੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਘਰ ਦੇ ਨੇੜੇ ਹੀ ਮਾਹਿਰ ਡਾਕਟਰਾਂ ਤੋਂ ਮੁਫ਼ਤ ਸਿਹਤ ਜਾਂਚ ਅਤੇ ਸਲਾਹ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਅੱਖਾਂ ਅਤੇ ਹੋਰ ਗੰਭੀਰ ਰੋਗਾਂ ਦੀ ਸਮੇਂ ਸਿਰ ਪਛਾਣ ਬਹੁਤ ਜ਼ਰੂਰੀ ਹੈ। ਫ੍ਰੀ ਮੈਡੀਕਲ ਕੈਂਪਾਂ ਵਿੱਚ ਕੀਤੀ ਜਾਣ ਵਾਲੀ ਜਾਂਚ ਨਾਲ ਕਈ ਬਿਮਾਰੀਆਂ ਦਾ ਸ਼ੁਰੂਆਤੀ ਪੜਾਅ ਵਿੱਚ ਹੀ ਪਤਾ ਲੱਗ ਜਾਂਦਾ ਹੈ, ਜਿਸ ਨਾਲ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਸੰਭਵ ਹੋ ਸਕਦਾ ਹੈ। ਡਾ. ਬਲਵੀਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਐਨ.ਆਰ.ਆਈ. ਵੀਰ ਆਪਣੇ ਪਿੰਡਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਇਹ ਸੋਚ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਹੀ ਖੁਸ਼ਹਾਲ ਸਮਾਜ ਦੀ ਨੀਂਹ ਹੁੰਦਾ ਹੈ ਅਤੇ ਇਸ ਦਿਸ਼ਾ ਵਿੱਚ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿੱਚ ਡਾ. ਬਲਵੀਰ ਨੇ ਐਨ.ਆਰ.ਆਈ. ਵੀਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿਸ਼ਕਾਮ ਯਤਨਾਂ ਨਾਲ ਹਜ਼ਾਰਾਂ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ, ਜੋ ਕਿ ਸਮਾਜ ਸੇਵਾ ਦੀ ਇੱਕ ਉੱਤਮ ਮਿਸਾਲ ਹੈ।ਡਾ.ਬਲਵੀਰ ਨੇ ਕਿਹਾ ਕਿ ਮਹੇੜੂ ਇਲਾਕੇ ਦੇ ਐਨ ਆਰ ਆਈ ਵੀਰਾਂ ਅਤੇ ਸਮਾਜ ਸੇਵੀਆਂ ਨਾਲ ਮਿਲ ਕੇ ਪਿੰਡ ਵਿਖੇ ਇੱਕ ਵਿਸ਼ੇਸ਼ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਜਲਦ ਕੀਤਾ ਜਾ ਰਿਹਾ ਹੈ, ਜਿਸਦਾ ਮਹੇੜੂ ਪਿੰਡ ਤੇ ਆਸ ਪਾਸ ਦੇ ਪਿੰਡਾਂ ਦੇ ਲੋੜਵੰਦ ਲੋਕ ਭਰਪੂਰ ਲਾਭ ਲੈਣ ਸਕਣਗੇ।