ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ
ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ- ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
Publish Date: Sat, 24 Jan 2026 10:12 PM (IST)
Updated Date: Sat, 24 Jan 2026 10:16 PM (IST)

--- ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ -26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡੀਸੀ ਹੋਣਗੇ ਮੁੱਖ ਮਹਿਮਾਨ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈਸ ਰਿਹਰਸਲ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਕਰਯੋਗ ਹੈ ਕਿ 26 ਜਨਵਰੀ ਮੌਕੇ ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਹੀ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਡੀਐੱਸਪੀ ਡਾ. ਸ਼ੀਤਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਐੱਨਸੀਸੀ ਤੇ ਹੋਰਨਾਂ ਸੁਰੱਖਿਆ ਦਸਤਿਆਂ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੇ ਵਿਕਾਸ ਤੇ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਫੁੱਲ ਡਰੈਸ ਰਿਹਰਸਲ ਉਪਰੰਤ ਸਮੂਹ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਕਿਉਂਕਿ ਇਸ ਰਾਸ਼ਟਰੀ ਤਿਉਹਾਰ ਮੌਕੇ ਸੰਵਿਧਾਨ ਲਾਗੂ ਹੋਣ ਉਪਰੰਤ ਸਾਨੂੰ ਸਾਡੇ ਅਧਿਕਾਰ ਪ੍ਰਾਪਤ ਹੋਏ ਸਨ। ਉਨ੍ਹਾਂ ਮੌਕੇ ਉੱਪਰ ਆਵਾਜਾਈ, ਪ੍ਰਮੁੱਖ ਸ਼ਖਸ਼ੀਅਤਾਂ ਦੇ ਬੈਠਣ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਸਨਮਾਨ ਆਦਿ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐੱਸਪੀ ਗੁਰਪ੍ਰੀਤ ਸਿੰਘ, ਐੱਸਡੀਐੱਮ ਮੇਜਰ ਇਰਵਿਨ ਕੌਰ ਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।