ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਪੈ ਰਹੇ ਧੱਕੇ : ਖੁਰਾਣਾ ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ
Publish Date: Mon, 27 Jul 2026 07:03 PM (IST)
Updated Date: Mon, 27 Jul 2026 07:06 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਮਿਲਦੇ ਸਨ, ਜਦਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਲੋਕਾਂ ਨੂੰ ਲਾਠੀਆਂ ਤੇ ਧੱਕੇ ਮਿਲ ਰਹੇ ਹਨ। ਖੁਰਾਣਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ, ਮਨਰੇਗਾ ਕਾਮਿਆਂ ਨਾਲ ਧੱਕੇਸ਼ਾਹੀ ਕੀਤੀ ਗਈ ਤੇ ਹੁਣ ਬਰਨਾਲਾ ਵਿੱਚ ਸਫਾਈ ਸੇਵਕਾਂ ’ਤੇ ਜਿਸ ਤਰ੍ਹਾਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਹਰ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨ, ਮੁਲਾਜ਼ਮ, ਮਜ਼ਦੂਰ, ਨੌਜਵਾਨ, ਵਪਾਰੀ ਤੇ ਆਮ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਤੇ ਅੱਗੇ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ। ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਹਲਕੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ 2027 ‘ਚ ਮੁੜ ਤੋਂ ਲੋਕਾਂ ਦੀ ਹਰਮਨ ਪਿਆਰੀ ਸ਼੍ਰੋਮਣੀ ਅਕਲੀ ਦਲ (ਬ) ਦੀ ਸਰਕਾਰ ਕਾਇਮ ਕੀਤੀ ਜਾ ਸਕੇ।