ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣਾ ਅਕਾਲੀ ਦਲ ਦੀ ਵਚਨਬੱਧਤਾ : ਆਹਲੀ ਪੰਜਾਬ ਦੀ ਤਰੱਕੀ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਪਹਿਲ ਦੇਣਾ ਅਕਾਲੀ ਦਲ ਦੀ ਮੁੱਢਲੀ ਵਚਨਬੱਧਤਾ : ਆਹਲੀ
Publish Date: Mon, 17 Aug 2026 06:37 PM (IST)
Updated Date: Mon, 17 Aug 2026 06:39 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ ਹੁਣ ਉਸ ਰਾਜਨੀਤਿਕ ਯੁੱਗ ਨੂੰ ਯਾਦ ਕਰ ਰਹੇ ਹਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕਾਂ, ਪੁਲਾਂ, ਸਿੱਖਿਆ, ਸਿਹਤ, ਬਿਜਲੀ, ਸਿੰਚਾਈ ਤੇ ਜਨਤਕ ਸਹੂਲਤਾਂ ਦੇ ਕੰਮ ਕੀਤੇ ਗਏ ਸਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਵਿਕਾਸ ਦੇ ਰਾਹ ’ਤੇ ਵਾਪਸ ਲਿਜਾਣ ਲਈ ਤਜਰਬੇਕਾਰ ਤੇ ਦੂਰਦਰਸ਼ੀ ਲੀਡਰਸ਼ਿਪ ਦੀ ਲੋੜ ਹੈ ਤੇ ਸ਼੍ਰੋਮਣੀ ਅਕਾਲੀ ਦਲ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਆਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਇਸ ਦੇ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਆਹਲੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਇਸ਼ਤਿਹਾਰਾਂ ਜਾਂ ਐਲਾਨਾਂ ਰਾਹੀਂ ਪ੍ਰਾਪਤ ਨਹੀਂ ਕੀਤੀ ਜਾ ਸਕਦੀ। ਇਸ ਲਈ ਯੋਜਨਾਬੰਦੀ, ਮਜ਼ਬੂਤ ਬੁਨਿਆਦੀ ਢਾਂਚਾ, ਉਦਯੋਗਾਂ ਲਈ ਅਨੁਕੂਲ ਮਾਹੌਲ, ਖੇਤੀਬਾੜੀ ਨੂੰ ਮਜ਼ਬੂਤ ਕਰਨਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਂਦਾ ਹੈ ਤਾਂ ਪੰਜਾਬ ਦੇ ਸਰਵਪੱਖੀ ਤੇ ਟਿਕਾਊ ਵਿਕਾਸ ਲਈ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ, ਜਿਨ੍ਹਾਂ ਦੇ ਲਾਭ ਸਿਰਫ਼ ਕੁਝ ਸਾਲਾਂ ਤੱਕ ਸੀਮਤ ਨਹੀਂ ਰਹਿਣਗੇ ਸਗੋਂ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸਮਾਜ ਦੇ ਹਰ ਵਰਗ ਤੱਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੰਜਾਬ ਨੂੰ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਵਾਪਸ ਲਿਆਉਣ ਲਈ ਰਾਜਨੀਤਿਕ ਤੇ ਜਥੇਬੰਦਕ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੇ ਭਵਿੱਖ ਲਈ ਮਹੱਤਵਪੂਰਨ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਦਾ ਉਦੇਸ਼ ਪੰਜਾਬ ਵਿੱਚ ਇੱਕ ਲੋਕ-ਪੱਖੀ ਸਰਕਾਰ ਸਥਾਪਤ ਕਰਨਾ ਹੈ ਜੋ ਕਾਨੂੰਨ ਦੇ ਰਾਜ ਕਾਨੂੰਨ ਵਿਵਸਥਾ, ਸਰਬਪੱਖੀ ਵਿਕਾਸ, ਰੁਜ਼ਗਾਰ, ਖੇਤੀਬਾੜੀ ਨੂੰ ਮਜ਼ਬੂਤ ਕਰਨ, ਉਦਯੋਗਿਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਤਰਜੀਹ ਦੇਵੇ। ਆਹਲੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਲੋਕ 2027 ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਫਤਵਾ ਦੇਣਗੇ। ਇਸ ਮੌਕੇ ਗੁਰਮੇਜ ਸਿੰਘ ਸਰਪੰਚ ਸ਼ੇਖ ਮਾਂਗਾ, ਨਿਹੰਗ ਮਨਜੀਤ ਸਿੰਘ, ਲਵਦੀਪ ਸਿੰਘ ਫੌਜੀ ਕਾਲੋਨੀ, ਬੱਬੂ ਲੱਲੇ ਪੀਏ ਆਦਿ ਹਾਜ਼ਰ ਸਨ।