- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਐਨਏ ਯੂਨੀਵਰਸਿਟੀ ਵੱਲੋਂ ਕਪੂਰਥਲਾ ਵਿਖੇ ਅਧਿਆਪਕਾਂ ਦੇ ਸਨਮਾਨ ਲਈ ‘ਆਭਾਰ 2026’ – ਅਕਾਦਮਿਕ ਉੱਤਮਤਾ ਪੁਰਸਕਾਰ ਸਮਾਰੋਹ ਦਾ ਆਯੋਜਨ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਚਾਂਸਲਰ ਗੁਰਦੀਪ ਸਿੰਘ ਸਿਹਰਾ ਦੇ ਯੋਗ ਮਾਰਗਦਰਸ਼ਨ ਹੇਠ ਜੀਐੱਨਏ ਯੂਨੀਵਰਸਿਟੀ ਵੱਲੋਂ ਆਪਣੇ ਪ੍ਰਸਿੱਧ ਅਕਾਦਮਿਕ ਉੱਤਮਤਾ ਪੁਰਸਕਾਰ ‘ਆਭਾਰ 2026’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਤੇ ਸਮਾਜ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੇ ਅਮੁੱਲ ਯੋਗਦਾਨ ਪ੍ਰਤੀ ਧੰਨਵਾਦ ਪ੍ਰਗਟ ਕਰਨਾ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਨਮਾਨਿਤ ਕਰਨਾ ਸੀ। ਇਸ ਸਮਾਗਮ ਵਿੱਚ ਕਪੂਰਥਲਾ ਦੇ ਪ੍ਰਮੁੱਖ ਸਕੂਲਾਂ ਤੇ ਕੋਚਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ, ਅਕਾਦਮਿਕ ਮਾਹਿਰਾਂ, ਅਧਿਆਪਕਾਂ, ਸਿੱਖਿਆ ਸ਼ਾਸਤਰੀਆਂ ਤੇ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਪੀਐੱਮ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 1, ਆਰਸੀਐੱਫ ਹੁਸੈਨਪੁਰ, ਬਾਵਾ ਲਾਲਵਾਨੀ ਪਬਲਿਕ ਸਕੂਲ, ਜੀਟੀਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤਾ ਲੀ ਲੈਸਨ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਐੱਮਡੀਐੱਸਡੀ ਸੀਨੀਅਰ ਸੈਕੰਡਰੀ ਸਕੂਲ, ਸੇਠ ਹੁਕਮ ਚੰਦ ਐੱਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੇ ਸਕੂਲ ਆਫ ਐਮੀਨੈਂਸ, ਕਪੂਰਥਲਾ ਸਮੇਤ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਨੇ ਭਾਗ ਲਿਆ। ਇਸ ਤੋਂ ਇਲਾਵਾ, ਵੱਖ-ਵੱਖ ਕੋਚਿੰਗ ਸੰਸਥਾਵਾਂ ਦੇ ਨੁਮਾਇੰਦੇ ਵੀ ਇਸ ਸਮਾਗਮ ਦਾ ਹਿੱਸਾ ਬਣੇ। ਇਸ ਪਹਿਲਕਦਮੀ ਦਾ ਆਯੋਜਨ ਉਨ੍ਹਾਂ ਅਧਿਆਪਕਾਂ ਦੇ ਸਮਰਪਣ, ਵਚਨਬੱਧਤਾ ਤੇ ਅਣਥੱਕ ਮਿਹਨਤ ਨੂੰ ਮਾਨਤਾ ਦੇਣ ਲਈ ਕੀਤਾ ਗਿਆ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਕਾਦਮਿਕ ਉੱਤਮਤਾ ਪੁਰਸਕਾਰਾਂ ਰਾਹੀਂ ਜੀਐੱਨਏ ਯੂਨੀਵਰਸਿਟੀ ਨੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਹਾਜ਼ਰ ਅਧਿਆਪਕਾਂ ਨੂੰ ਸਨਮਾਨਿਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸਮੀਰ ਵਰਮਾ, ਡੀਨ, ਜੀਐੱਨਏ ਬਿਜ਼ਨੈਸ ਸਕੂਲ ਤੇ ਅਕਾਦਮਿਕ ਆਊਟਰੀਚ ਡਿਵੀਜ਼ਨ ਨੇ ਇਸ ਪਹਿਲਕਦਮੀ ਦੇ ਉਦੇਸ਼ ਤੇ ਇਸ ਪਿੱਛੇ ਦੀ ਸੋਚ ਸਾਂਝੀ ਕੀਤੀ। ਉਨ੍ਹਾਂ ਨੇ ਸਿੱਖਿਆ ਜਗਤ ਨਾਲ ਜੁੜੇ ਲੋਕਾਂ ਦੇ ਯੋਗਦਾਨ ਨੂੰ ਪਛਾਣਨ ਤੇ ਸਨਮਾਨਿਤ ਕਰਨ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਯੋਗਦਾਨ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਹੁੰਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਤੇ ਉਨ੍ਹਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਵਿੱਚ ਵੀ ਅਧਿਆਪਕ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਾ. ਅਸ਼ਵਨੀ ਰਾਣਾ, ਡੀਨ, ਸਕੂਲ ਆਫ ਲਿਬਰਲ ਆਰਟਸ ਤੇ ਡਾ. ਯੋਗੇਸ਼ ਭੱਲਾ, ਮੁਖੀ, ਸਕੂਲ ਆਫ ਨੈਚੁਰਲ ਸਾਇੰਸਜ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਪੁਰਸਕਾਰ ਸਮਾਰੋਹ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ।