ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ’ਤੇ ਜਾਂਚ ਦੀ ਮੰਗ, ਗੋਰਾ ਗਿੱਲ ਵੱਲੋਂ ਡੀਜੀਪੀ ਨੂੰ ਚਿੱਠੀ
ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ‘ਤੇ ਉੱਚ ਪੱਧਰੀ ਜਾਂਚ ਦੀ ਮੰਗ, ਗੋਰਾ ਗਿੱਲ ਵੱਲੋਂ ਡੀਜੀਪੀ ਨੂੰ ਚਿੱਠੀ
Publish Date: Sat, 18 Apr 2026 10:56 PM (IST)
Updated Date: Sat, 18 Apr 2026 10:57 PM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਭੁਲੱਥ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਪਿੰਡ ਰਾਏਪੁਰ ਅਰਾਈਆਂ ਵਿੱਚ ਇੱਕ ਹਫ਼ਤੇ ਦੌਰਾਨ ਨਸ਼ੇ ਕਾਰਨ ਹੋਈਆਂ ਤਿੰਨ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸੰਬੰਧੀ ਐੱਸਐੱਸਪੀ ਕਪੂਰਥਲਾ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਤੀ ਚਿੱਠੀ ਭੇਜ ਕੇ ਕਿਹਾ ਕਿ ਲਗਾਤਾਰ ਹੋ ਰਹੀਆਂ ਮੌਤਾਂ ਇਲਾਕੇ ਵਿੱਚ ਨਸ਼ੇ ਦੇ ਫੈਲੇ ਜਾਲ ਵੱਲ ਸਾਫ਼ ਇਸ਼ਾਰਾ ਕਰਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀਆਂ ਘਟਨਾਵਾਂ ਨਾ ਸਿਰਫ਼ ਦੁਖਦਾਈ ਹਨ, ਸਗੋਂ ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਲਈ ਵੀ ਵੱਡੀ ਚੁਣੌਤੀ ਬਣ ਰਹੀਆਂ ਹਨ। ਗੋਰਾ ਗਿੱਲ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਲਈ ਖ਼ਾਸ ਜਾਂਚ ਕਮੇਟੀ ਬਣਾਈ ਜਾਵੇ, ਤਾਂ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਤੱਤਾਂ ਨੂੰ ਬੇਨਕਾਬ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਨਸ਼ਾ ਤਸਕਰਾਂ ਨੂੰ ਕਿਸ ਦੀ ਸ਼ਹਿ ਮਿਲ ਰਹੀ ਹੈ ਅਤੇ ਕਿਹੜੇ ਪ੍ਰਭਾਵਸ਼ਾਲੀ ਲੋਕ ਜਾਂ ਸਿਆਸੀ ਹਮਾਇਤੀ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਬਚਾਉਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਬਿਨਾਂ ਕਿਸੇ ਪੱਖਪਾਤ ਦੇ ਨਸ਼ੇ ਖ਼ਿਲਾਫ਼ ਵੱਡੇ ਪੱਧਰ ਤੇ ਮੁਹਿੰਮ ਚਲਾਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਣ।