- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਰੋਕਣ ਵਾਲਿਆਂ ਨੂੰ ਹੀ ਖ਼ਤਮ ਕਰਨ ’ਤੇ ਉਤਾਰੂ ਹੋਈ ਸਰਕਾਰ,ਜੀਤੀ ਖੇੜਾ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸੂਬਾ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ ਤੇ ਫਗਵਾੜਾ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਨੂੰ ਰੋਕਣ ਲਈ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤੇ ਸਰਕਾਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਕੁਲਾਰ ਤੇ ਜੀਤੀ ਖੇੜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟੇ ’ਤੇ ਨਸ਼ਾ ਤਸਕਰ ਵੱਲੋਂ ਕਥਿਤ ਤੌਰ ’ਤੇ ਬਾਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇ ਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲੋਕਾਂ ਵਿੱਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੇ ਹਨ। ਕੁਲਾਰ ਤੇ ਫਗਵਾੜਾ ਦਿਹਾਤੀ ਯੂਥ ਪ੍ਰਧਾਨ ਜੀਤੀ ਖੇੜਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਤਰੱਕੀ ਦੀ ਥਾਂ ਪਿੱਛੇ ਧੱਕਿਆ ਹੈ।