ਸਰਕਾਰ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ : ਖੋਜੇਵਾਲ
ਸਰਕਾਰ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ : ਖੋਜੇਵਾਲ
Publish Date: Sat, 11 Apr 2026 09:55 PM (IST)
Updated Date: Sat, 11 Apr 2026 09:59 PM (IST)

- ਕਿਹਾ, ਸੂਬਾ ਸਰਕਾਰ ਭਾਜਪਾ ਸ਼ਾਸ਼ਿਤ ਰਾਜਾਂ ਵਾਂਗ ਲਾਗੂ ਕਰੇ ਕਿਸਾਨ ਫਸਲ ਬੀਮਾ ਯੋਜਨਾ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਆਗੂਆਂ ਦੇ ਵਫ਼ਦ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪ ਕੇ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ। ਮੰਗ ਪੱਤਰ ਸੌਂਪਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਹੈ। ਮੰਗ ਪੱਤਰ ਰਾਹੀਂ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ, ਨੁਕਸਾਨ ਦਾ ਜਾਇਜ਼ਾ ਲੈਣ ਲਈ ਸਰਕਾਰੀ ਪੱਧਰ ’ਤੇ ਸਰਵੇਖਣ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਢੁੱਕਵਾਂ ਮੁਆਵਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਇਸ ਮੁਸ਼ਕਿਲ ਸਮੇਂ ਦੌਰਾਨ ਕਿਸਾਨਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਅਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਬਿਨਾਂ ਦੇਰੀ ਕੀਤੇ ਮੁਆਵਜ਼ਾ ਜਾਰੀ ਕਰੇ। ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਵਿੱਤੀ ਤੰਗੀ ਦਾ ਸਾਹਮਣਾ ਕਰ ਰਹੇ ਹਨ। ਹੁਣ ਜਦੋਂ ਕਣਕ ਦੀ ਫ਼ਸਲ ਕਟਾਈ ਲਈ ਤਿਆਰ ਸੀ ਅਤੇ ਕਿਸਾਨ ਆਪਣੀ ਮਿਹਨਤ ਦਾ ਫਲ ਭੁਗਤਣ ਲਈ ਤਿਆਰ ਸਨ ਤਾਂ ਕੁਦਰਤੀ ਆਫ਼ਤ ਨੇ ਸਭ ਕੁਝ ਤਬਾਹ ਕਰ ਦਿੱਤਾ। ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਕਈ ਥਾਵਾਂ ’ਤੇ 50 ਤੋਂ 80 ਫ਼ੀਸਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਝਾੜ ਵਿੱਚ ਕਾਫ਼ੀ ਗਿਰਾਵਟ ਆਈ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਆਪ’ ਸਰਕਾਰ ਇਸ਼ਤਿਹਾਰਾਂ ਤੱਕ ਸੀਮਤ ਹੈ ਅਤੇ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਜ਼ਮੀਨੀ ਸਰਵੇਖਣ ਲਈ ਕਹਿੰਦੇ ਹਨ। ਜਦੋਂ ਹੁਕਮ ਜਾਰੀ ਕੀਤੇ ਜਾਂਦੇ ਹਨ, ਤਾਂ ਮੁਆਵਜ਼ਾ ਅਸਲ ਵਿੱਚ ਕਿਸਾਨਾਂ ਦੀਆਂ ਜੇਬਾਂ ਤੱਕ ਨਹੀਂ ਪਹੁੰਚਦਾ। ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨ ਅਗਲੇ ਸੀਜ਼ਨ ਲਈ ਤਿਆਰੀ ਕਰ ਸਕਣ। ਖੋਜੇਵਾਲ ਨੇ ਭਰੋਸਾ ਦਿੱਤਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਲੜਦੀ ਰਹੀ ਹੈ ਅਤੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਆਵਜ਼ਾ ਪ੍ਰਕਿਰਿਆ ਜਲਦੀ ਸ਼ੁਰੂ ਨਹੀਂ ਕੀਤੀ ਤਾਂ ਭਾਜਪਾ ਵਿਰੋਧ ਪ੍ਰਦਰਸ਼ਨ ਦਾ ਸਹਾਰਾ ਲੈਣ ਤੋਂ ਵੀ ਨਹੀਂ ਝਿਜਕੇਗੀ। ਇਸ ਦੌਰਾਨ ਖੋਜੇਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਾਜਪਾ ਸ਼ਾਸ਼ਿਤ ਰਾਜਾ ਵਾਂਗ ਕਿਸਾਨ ਫਸ਼ਲ ਬੀਮਾ ਯੋਜਨਾ ਲਾਗੂ ਕਰੇ ਤਾਂ ਜੋ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਕਪੂਰਚੰਦ ਥਾਪਰ, ਜ਼ਿਲ੍ਹਾ ਜਨਰਲ ਸਕੱਤਰ ਹੈਰੀ ਸ਼ਰਮਾ, ਯੁਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਭਾਜਪਾ ਐੱਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਐੱਸਸੀ ਮੋਰਚਾ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ, ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਰਾਣੀਵਾਲ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਮੰਡਲ ਦੋਨਾ ਪ੍ਰਧਾਨ ਸਰਬਜੀਤ ਸਿੰਘ ਦਿਓਲ, ਅਸ਼ੋਕ ਮਾਹਲਾ, ਕੁਲਦੀਪ ਕੋਟ, ਰਾਜਨ ਠੀਗੀ, ਮੱਸਾ ਸਿੰਘ, ਮਨੂੰ ਸ਼ਰਮਾ, ਐਡਵੋਕੇਟ ਮੁਕੇਸ਼ ਗੁਪਤਾ, ਐਡਵੋਕੇਟ ਗੁਲਸ਼ਨ ਸ਼ਰਮਾ, ਐਡਵੋਕੇਟ ਜਤਿੰਦਰ, ਸੋਨੂੰ ਔਜਲਾ, ਸੁਨੀਲ ਅਰੋੜਾ ਆਦਿ ਮੌਜੂਦ ਸਨ।