ਕਿਸਾਨਾਂ ਨੂੰ ਤੁਰੰਤ ਪ੍ਰਤੀ ਏਕੜ ₹50,000 ਮੁਆਵਜ਼ਾ ਦੇਵੇ ਸਰਕਾਰ : ਧਾਲੀਵਾਲ
ਕਿਸਾਨਾਂ ਨੂੰ ਤੁਰੰਤ ਪ੍ਰਤੀ ਏਕੜ ₹50,000 ਮੁਆਵਜ਼ਾ ਦੇਵੇ ਸਰਕਾਰ : ਬਲਵਿੰਦਰ ਧਾਲੀਵਾਲ”
Publish Date: Sun, 05 Apr 2026 07:32 PM (IST)
Updated Date: Mon, 06 Apr 2026 04:10 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਰਿਟਾਇਰਡ ਆਈਏਐੱਸ ਅਧਿਕਾਰੀ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ’ਚ ਹਾਲ ਹੀ ’ਚ ਹੋਈ ਬੇ-ਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਦੀ ਖੜ੍ਹੀ ਫਸਲ ਨੂੰ ਹੋਏ ਭਾਰੀ ਨੁਕਸਾਨ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਗਿਰਦਾਵਰੀ ਕਰਵਾਉਣ ਤੇ ਯੋਗ ਮੁਆਵਜ਼ੇ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ ਹਾਲ ਹੀ ’ਚ ਆਏ ਹੜ੍ਹਾ ਤੋਂ ਕਿਸਾਨ ਅਜੇ ਪੂਰੀ ਤਰ੍ਹਾਂ ਸੰਭਲ ਵੀ ਨਹੀਂ ਪਾਏ ਸਨ ਕਿ ਹੁਣ ਕਣਕ ਦੀ ਕਟਾਈ ਦੇ ਸਮੇਂ ਹੋਈ ਬਾਰਿਸ਼ ਤੇ ਗੜੇਮਾਰੀ ਨੇ ਉਨ੍ਹਾਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਇਸ ਦੋਹਰੇ ਸੰਕਟ ਨੇ ਕਿਸਾਨਾਂ ਨੂੰ ਗੰਭੀਰ ਆਰਥਿਕ ਅਸਥਿਰਤਾ ’ਚ ਧੱਕ ਦਿੱਤਾ ਹੈ। ਕਿਸਾਨਾਂ ਦੀ ਖਰਾਬ ਹੁੰਦੀ ਹਾਲਤ ’ਤੇ ਚਿੰਤਾ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਣਕ ਦੀ ਖੜ੍ਹੀ ਫਸਲ ਦੇ ਵੱਡੇ ਹਿੱਸੇ ਨੂੰ ਨੁਕਸਾਨ ਹੋਇਆ ਹੈ, ਜਿਸ ਨਾਲ ਪਹਿਲਾਂ ਹੀ ਪਰੇਸ਼ਾਨ ਕਿਸਾਨ ਹੋਰ ਵੀ ਅਨਿਸ਼ਚਿਤਤਾ ’ਚ ਫਸ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਨੁਕਸਾਨ ਦਾ ਅੰਕਲਨ ਤੇ ਰਾਹਤ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਸਥਿਤੀ ਵੱਡੇ ਖੇਤੀ ਸੰਕਟ ’ਚ ਤਬਦੀਲ ਨਾ ਹੋਵੇ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਦੋਸ਼ ਲਾਇਆ ਕਿ ਇਸ ਮੁਸ਼ਕਲ ਵੇਲੇ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਦੀ ਧੀਮੀ ਕਾਰਗੁਜ਼ਾਰੀ ਤੇ ਪ੍ਰਭਾਵਿਤ ਕਿਸਾਨਾਂ ਦੀ ਤੁਰੰਤ ਲੋੜਾਂ ਨੂੰ ਪੂਰਾ ਕਰਨ ’ਚ ਨਾਕਾਮੀ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ, ਜਿਸ ਨਾਲ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਹੋਰ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ’ਚ ਹਨ ਤੇ ਪਿਛਲੇ ਨੁਕਸਾਨ ਦੀ ਭਰਪਾਈ ਨਾ ਹੋਣ ਕਾਰਨ ਉਨ੍ਹਾਂ ਦੀ ਹਾਲਤ ਹੋਰ ਵੀ ਮਾੜੀ ਹੋ ਗਈ ਹੈ। ਤੁਰੰਤ ਦਖ਼ਲ ਦੀ ਮੰਗ ਕਰਦਿਆਂ ਧਾਲੀਵਾਲ ਨੇ ਸਰਕਾਰ ਤੋਂ ਪ੍ਰਤੀ ਏਕੜ 50,000 ਮੁਆਵਜ਼ਾ ਦੇਣ ਦੀ ਘੋਸ਼ਣਾ ਕਰਨ ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਰਾਹਤ ਰਕਮ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਤੱਕ ਪਹੁੰਚੇ। ਉਨ੍ਹਾਂ ਦੁਹਰਾਇਆ ਕਿ ਕਿਸਾਨ ਪੰਜਾਬ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਸਰਕਾਰ ਨੂੰ ਤੁਰੰਤ ਅਤੇ ਜ਼ਿੰਮੇਵਾਰੀ ਨਾਲ ਕਦਮ ਚੁੱਕਣੇ ਚਾਹੀਦੇ ਹਨ।