ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਵੇ : ਕੁਲਦੀਪ ਸਿੰਘ
ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਰਕਾਰ ਨੂੰ ਆਮ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ : ਕੁਲਦੀਪ ਸਿੰਘ
Publish Date: Thu, 09 Apr 2026 07:35 PM (IST)
Updated Date: Thu, 09 Apr 2026 07:38 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਆਮ ਆਦਮੀ ’ਤੇ ਖਰਚਿਆਂ ਦਾ ਬੋਝ ਅਚਾਨਕ ਵੱਧ ਗਿਆ ਹੈ। ਨਵੇਂ ਵਿਦਿਅਕ ਸੈਸ਼ਨ ਕਾਰਨ ਬੱਚਿਆਂ ਦੀਆਂ ਸਕੂਲ ਫੀਸਾਂ, ਕਿਤਾਬਾਂ, ਕਾਪੀਆਂ, ਵਰਦੀਆਂ ਤੇ ਆਵਾਜਾਈ ਦੇ ਖਰਚਿਆਂ ਨੇ ਪਰਿਵਾਰਾਂ ਦਾ ਬਜਟ ਵਿਗਾੜ ਦਿੱਤਾ ਹੈ। ਅਜਿਹੀ ਸਥਿਤੀ ਵਿਚ ਸਰਕਾਰ ਨੂੰ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ ਨੇ ਇਕ ਪ੍ਰੈੱਸ ਬਿਆਨ ਵਿਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਰਸੋਈ ਦੇ ਸਮਾਨ ਤੋਂ ਲੈ ਕੇ ਰੋਜ਼ਾਨਾ ਜ਼ਰੂਰਤ ਦੀਆਂ ਚੀਜ਼ਾਂ ਤੱਕ ਸਭ ਕੁੱਝ ਮਹਿੰਗਾ ਕਰ ਦਿੱਤਾ ਹੈ। ਇਹ ਮੱਧ ਵਰਗੀ ਪਰਿਵਾਰਾਂ ਲਈ ਦੋਹਰਾ ਝਟਕਾ ਸਾਬਤ ਹੋ ਰਿਹਾ ਹੈ। ਪੈਟਰੋਲ, ਗੈਸ ਤੇ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਧੇ ਨੇ ਘਰੇਲੂ ਬਜਟ ਨੂੰ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਬਹੁਤ ਸਾਰੇ ਪਰਿਵਾਰਾਂ ਨੂੰ ਜ਼ਰੂਰੀ ਖਰਚਿਆਂ ਵਿਚ ਕਟੌਤੀ ਕਰਨੀ ਪੈ ਰਹੀ ਹੈ,ਜਦੋਂ ਕਿ ਦੂਸਰੇ ਆਮਦਨ ਦੇ ਵਾਧੂ ਸਰੋਤ ਲੱਭਣ ਲਈ ਮਜਬੂਰ ਹਨ। ਕੁਲਦੀਪ ਸਿੰਘ ਅਨੁਸਾਰ ਮੱਧਵਰਗੀ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹਨ ਕਿਉਂਕਿ ਉਨ੍ਹਾਂ ਦੀ ਆਮਦਨ ਸੀਮਤ ਹੈ, ਫਿਰ ਵੀ ਖਰਚੇ ਲਗਾਤਾਰ ਵੱਧ ਰਹੇ ਹਨ। ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਕੋਈ ਮਹੱਤਵਪੂਰਨ ਵਾਧਾ ਨਹੀਂ ਹੋਇਆ ਹੈ ਪਰ ਬਾਕੀ ਚੀਜ਼ਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਤੇ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਰਕਾਰ ਨੂੰ ਆਮ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਸਕੂਲ ਫੀਸਾਂ ਨੂੰ ਕੰਟਰੋਲ ਕਰਨਾ, ਕਿਤਾਬਾਂ ਦੀਆਂ ਕੀਮਤਾਂ ਘਟਾਉਣਾ ਤੇ ਜ਼ਰੂਰੀ ਵਸਤੂਆਂ ’ਤੇ ਪਾਬੰਦੀਆਂ ਲਗਾਉਣਾ ਸਭ ਤੋਂ ਮਹੱਤਵਪੂਰਨ ਕਦਮ ਹਨ। ਸਬਸਿਡੀ ਵਰਗੇ ਉਪਾਅ ਕੀਤੇ ਜਾਣੇ ਚਾਹੀਦੇ ਹਨ। ਕੁਲਦੀਪ ਸਿੰਘ ਨੇ ਕਿਹਾ ਕਿ ਘਰੇਲੂ ਖਰਚਿਆਂ ਦਾ ਪ੍ਰਬੰਧਨ ਕਰਨਾ ਪਹਿਲਾਂ ਹੀ ਮੁਸ਼ਕਲ ਸੀ ਪਰ ਹੁਣ ਸਕੂਲ ਨਾਲ ਸਬੰਧਤ ਖਰਚਿਆਂ ਨੂੰ ਜੋੜਨ ਤੋਂ ਬਾਅਦ ਸਥਿਤੀ ਹੋਰ ਗੰਭੀਰ ਹੋ ਗਈ ਹੈ।