- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਪੁਲਿਸ ਤਸ਼ੱਦਦ ਦੀ ਬਿਜਾਏ ਮੁਲਾਜ਼ਮਾਂ ਦੇ ਮਸਲੇ ਹੱਲ ਕਰੇ: ਨੀਟੂ

ਲਖਵੀਰ ਸਿੰਘ ਲੱਖੀ,ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੀਤੇ ਦਿਨ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਸਾਹਮਣੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸੰਘਰਸ਼ੀ ਮੁਲਾਜ਼ਮਾਂ ਤੇ ਨੌਜਵਾਨਾਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਭਾਜਪਾ ਇੰਚਾਰਜ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਲਾਇਨਮੈਨ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਉਪਰ ਪੰਜਾਬ ਪੁਲਿਸ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤਾ ਤਸ਼ੱਦਦ ਲੋਕਤੰਤਰ ਦਾ ਕਤਲ ਕਰਨ ਬਰਾਬਰ ਹੈ। ਇਸ ਰੂਹ ਕੰਬਾਊ ਮੰਜਰ ਨੇ ਔਰੰਗਜ਼ੇਬ ਦੇ ਰਾਜ ਦੀ ਯਾਦ ਤਾਜ਼ਾ ਕਰਵਾ ਦਿੱਤੀ। ਇਹ ਗੈਰ-ਮਨੁੱਖੀ ਵਰਤਾਰਾ ਮਨੁੱਖੀ ਅਧਿਕਾਰਾਂ ਦਾ ਘੋਰ ਘਾਣ ਹੈ ਤੇ ਆਪ ਸਰਕਾਰ ਜਬਰ ਕਰਨ ਵਿਚ ਮੁਗਲਾਂ ਨਾਲੋਂ ਵੀ ਅੱਗੇ ਲੰਘ ਚੁੱਕੀ ਹੈ। ਪ੍ਰਧਾਨ ਨੀਟੂ ਵੱਲੋਂ ਮਾਨਯੋਗ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਕਿ ਉੱਚ ਅਦਾਲਤ ਨੂੰ ਤੁਰੰਤ ਇਸ ਮੰਦਭਾਗੀ ਘਟਨਾ ਦਾ ਸੂਓ ਮੋਟੋ ਨੋਟਿਸ ਲੈ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਕੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਨੀਟੂ ਨੇ ਕਿਹਾ ਕਿ ਆਪ ਸਰਕਾਰ ਪੂਰੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੈ। ਮੁਲਾਜ਼ਮਾਂ ਦੀ ਇਕ ਵੀ ਮੰਗ ਦਾ ਹੱਲ ਮੌਜੂਦਾ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਸਿਰਫ ਐਲਾਨਾਂ ਤੇ ਲਾਰੇ ਲਾਕੇ ਹੀ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਮੁਲਾਜ਼ਮ ਤੇ ਪੈਨਸ਼ਨਰ ਆਪਣੇ ਡੀਏ ਤੇ ਹੋਰ ਮੰਗਾਂ ਨੂੰ ਲੈ ਕੇ ਅਦਾਲਤਾਂ ਵਿਚ ਸੰਘਰਸ਼ ਕਰ ਰਹੇ ਹਨ, ਉਥੇ ਹੀ ਪੰਜਾਬ ਦੇ ਕੱਚੇ, ਆਊਟਸੋਰਸ ਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਵਰਕਰ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੜਕਾਂ ਉੱਤੇ ਮੋਰਚਿਆਂ ’ਤੇ ਡਟੇ ਹੋਏ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਦੀ ਸਾਰ ਲੈਣ ਦੀ ਬਜਾਏ ਸਿਰਫ ਫੋਕੀ ਇਸ਼ਤਿਹਾਰਬਾਜ਼ੀ ਤੇ ਐਲਾਨ ਕੀਤੇ ਜਾ ਰਹੇ ਹਨ। ਨੀਟੂ ਨੇ ਕਿਹਾ ਕਿ ਸਰਕਾਰ ਨੂੰ ਪੁਲਿਸ ਹੱਥੋਂ ਤਸ਼ੱਦਦ ਕਰਾਉਣ ਦੀ ਬਜਾਏ ਮੁਲਜ਼ਮਾਂ ਦੇ ਮਸਲੇ ਹੱਲ ਕਰਵਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਵੱਲੋਂ 65 ਹਜ਼ਾਰ ਕੱਚੇ ਕਰਮੀਆਂ ਨੂੰ ਰੈਗੂਲਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜ਼ਮਾਂ ਉੱਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਾਈਨਮੈਨ, ਰੋਡਵੇਜ਼ ਵਰਕਰ ਤੇ ਸੇਵਾ ਕੇਂਦਰ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਹਾਲੇ ਤੱਕ ਇਨ੍ਹਾਂ ਦੀ ਕੋਈ ਸੁਣਵਾਈ ਸਰਕਾਰ ਵੱਲੋਂ ਨਹੀਂ ਕੀਤੀ ਗਈ ਜੋ ਕਿ ਬਹੁਤ ਮੰਦਭਾਗਾ ਹੈ। ਰਾਕੇਸ਼ ਨੀਟੂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਦਖਲ ਦੇਕੇ ਧਰਨਾਕਾਰੀਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਤੇ ਇਸ ਅਣਮਨੁੱਖੀ ਤਸ਼ੱਦਦ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਦੇ ਆਦੇਸ਼ ਦੇਣ ਤਾਂ ਕਿ ਭਵਿੱਖ ਵਿਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਡਾ. ਰਕੇਸ਼ ਪੁਰੀ, ਚਤਰ ਸਿੰਘ ਜੋਸਨ, ਅਸ਼ੋਕ ਕਨੋਜੀਆ, ਡਿੰਪਲ ਟੰਡਨ, ਬਾਬਾ ਬਲੌਰੀ ਆਦਿ ਵੀ ਹਾਜ਼ਰ ਸਨ।