ਸਰਕਾਰ ਜਲਦ ਮੁਲਾਜ਼ਮਾਂ ਦੇ ਖਾਤਿਆਂ ’ਚ ਪਾਏ ਬਕਾਇਆ ਰਾਸ਼ੀ : ਅਕਾਲੀ ਆਗੂ ਸਰਕਾਰ ਜਲਦ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਡੀਏ ਦੀ ‘ਟੂੰ-ਟੂੰ’ ਕਰੇ : ਅਕਾਲੀ ਆਗੂ
Publish Date: Tue, 04 Aug 2026 07:53 PM (IST)
Updated Date: Tue, 04 Aug 2026 07:55 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ, ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀਏ) ਬਿਨਾਂ ਕਿਸੇ ਹੋਰ ਦੇਰੀ ਦੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾਈ ਹੈ, ਉਸੇ ਤਰ੍ਹਾਂ ਹੁਣ ਮੁਲਾਜ਼ਮਾਂ ਦੇ ਬਕਾਇਆ ਡੀਏ ਦੀ ਵੀ ਖਾਤਿਆਂ ਵਿੱਚ “ਟੂੰ-ਟੂੰ” ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਦੇ ਬਕਾਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੂੰ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਜਲਦ ਤੋਂ ਜਲਦ ਦੇਣਾ ਚਾਹੀਦਾ ਹੈ। ਸੂਬਾ ਸਰਕਾਰ ਤੇ ਤੰਜ ਕੱਸਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕਿਤੇ ਮਹਿਲਾਵਾਂ ਦੇ ਖਾਤਿਆਂ ਵਿੱਚ ਹੋਈ “ਟੂੰ-ਟੂੰ” ਮੁਲਾਜ਼ਮਾਂ ਦੇ ਬਕਾਇਆ ਡੀਏ ਦੀ ਕੀਮਤ ਤੇ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਇਹ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਪ੍ਰਤੀ ਕਿੰਨੀ ਗੰਭੀਰ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਰੁਖ ਕਰਦੀ ਹੈ ਤਾਂ ਇਸ ਨਾਲ ਇਹ ਸੰਦੇਸ਼ ਜਾਵੇਗਾ ਕਿ ਉਹ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਕਾਇਆ ਦੇਣ ਦੀ ਇੱਛੁਕ ਨਹੀਂ ਹੈ। ਦੂਜੇ ਪਾਸੇ, ਜੇਕਰ ਸਰਕਾਰ ਡੀਏ ਦਾ ਭੁਗਤਾਨ ਕਰਦੀ ਹੈ ਤਾਂ ਉਸ ਨੂੰ ਵਿੱਤੀ ਪ੍ਰਬੰਧ ਵੀ ਸਪੱਸ਼ਟ ਕਰਨੇ ਪੈਣਗੇ, ਕਿਉਂਕਿ ਵਾਧੂ ਕਰਜ਼ਾ ਲੈਣ ਨਾਲ ਪੰਜਾਬ ਤੇ ਕਰਜ਼ੇ ਦਾ ਬੋਝ ਹੋਰ ਵਧਣ ਦੀ ਸੰਭਾਵਨਾ ਹੈ। ਦਿਹਾਤੀ ਇੰਚਾਰਜ ਜਥੇ. ਰਜਿੰਦਰ ਸਿੰਘ ਚੰਦੀ, ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਮੁਲਾਜ਼ਮਾਂ ਦਾ ਬਣਦਾ ਡੀਏ ਜਾਰੀ ਕਰੇ ਕਿਉਂਕਿ ਕੁਝ ਮਹੀਨੇ ਬਾਦ ਹੀ ਚੋਣ ਜ਼ਾਬਤਾ ਲਗ ਸਕਦਾ ਹੈ ਤੇ ਜੇਕਰ ਸਰਕਾਰ ਮੁਲਾਜ਼ਮਾਂ ਦੀ ਮੰਗ ਨੂੰ ਫੇਰ ਲਟਕਾਏਗੀ ਤਾਂ ਇਸਦਾ ਜਵਾਬ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਪਹਿਲਾਂ ਮੁਲਾਜ਼ਮ ਵਰਗ ਹੀ ਦੇਵੇਗਾ।