ਜੀਟੀਯੂ ਵਿਧਾਨ ਸਭਾ ਦੇ ਘੇਰਾਓ ’ਚ ਹੋਵੇਗੀ ਸ਼ਾਮਲ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 12 ਮਾਰਚ ਨੂੰ ਚੰਡੀਗੜ੍ਹ ’ਚ ਵਿਧਾਨ ਸਭਾ ਦੇ ਘਿਰਾਓ ਚ ਭਰਵੀਂ ਸਮੂਲੀਅਤ ਦਾ ਐਲਾਨ
Publish Date: Tue, 10 Mar 2026 09:19 PM (IST)
Updated Date: Tue, 10 Mar 2026 09:21 PM (IST)

ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਮੰਗਾਂ ਮੰਨਣ ਤੋਂ ਭੱਜ ਰਹੀ : ਵੜੈਚ, ਬੱਧਣ ਲਖਵੀਰ ਸਿੰਘ ਲੱਖੀ/ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ, ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਜਨਰਲ ਸਕੱਤਰ ਗੁਰਬਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਤੀ 07-02-2026 ਨੂੰ ਮਾਸਟਰ ਕੇਡਰ ਦੀਆਂ ਪਦਉਨਤੀਆਂ ਲਈ ਟੈੱਟ ਲਾਜ਼ਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14-09-2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ 12 ਮਾਰਚ ਨੂੰ ਵਿਧਾਨ ਸਭਾ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਅਧਿਆਪਕ ਆਗੂਆਂ ਨੇ ਕਿਹਾ ਅਨੰਦਪੁਰ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਰੋਸ ਰੈਲੀ ਦੇ ਨਤੀਜੇ ਵਜੋਂ ਸਿੱਖਿਆ ਮੰਤਰੀ ਪੰਜਾਬ ਨਾਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸਿੱਖਿਆ ਮੰਤਰੀ ਪੰਜਾਬ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ ਪਰ ਅਜੇ ਤੱਕ ਇਸ ’ਤੇ ਕਿਸੇ ਪ੍ਰਕਾਰ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਕਾਰਨ ਅਧਿਆਪਕ ਜਥੇਬੰਦੀਆਂ ਨੂੰ ਮਜਬੂਰੀ ਵੱਸ ਵਿਧਾਨ ਸਭਾ ਦਾ ਘੇਰਾਓ ਕਰਨ ਦਾ ਫੈਸਲਾ ਕਰਨਾ ਪਿਆ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਵਿਆਪਕ ਸੁਧਾਰ ਲਿਆਉਣ ਦੇ ਨਾਂ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ-ਜਿਹੇ ਕਦਮ ਉਠਾ ਰਹੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਵੱਡੀ ਸ਼ਮੂਲੀਅਤ ਕਰੇਗੀ। ਜੀਟੀਯੂ ਪੰਜਾਬ ਦੇ ਆਗੂਆਂ ਮਨਜਿੰਦਰ ਸਿੰਘ ਠੱਟਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਅਵਤਾਰ ਸਿੰਘ ਹੈਬਤਪੁਰ, ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਜਥੇਬੰਦੀ ਵੱਲੋਂ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਜੀਟੀਯੂ ਪੰਜਾਬ ਵੱਲੋਂ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾਂਦੀ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਤੇ ਬੰਦ ਕੀਤੇ ਭੱਤੇ ਬਹਾਲ ਨਹੀਂ ਕੀਤੇ ਜਾਂਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਮੇਂ ਸੁਖਵਿੰਦਰ ਸਿੰਘ ਠੱਟਾ, ਸੁਖਦੇਵ ਸਿੰਘ, ਸਿੰਦਰ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ, ਅਜੈ ਗੁਪਤਾ, ਜਗਜੀਤ ਸਿੰਘ ਬੂਲਪੁਰ, ਸੁਖਦੀਪ ਸਿੰਘ, ਕੰਵਲਪ੍ਰੀਤ ਸਿੰਘ, ਸੁਖਦੇਵ ਸਿੰਘ ਠੱਟਾ, ਪੰਕਜ ਮਰਵਾਹਾ, ਨਿਰਮਲ ਸਿੰਘ, ਤਰਮਿੰਦਰ ਸਿੰਘ ਮੱਲ੍ਹੀ, ਨਵਨੀਤ ਕੌਰ ਜੰਮੂ, ਰਜਿੰਦਰ ਕੌਰ, ਪ੍ਰਭਜੋਤ ਕੌਰ, ਜਸਵੀਰ ਸਿੰਘ ਚੀਮਾ ਆਦਿ ਹਾਜ਼ਰ ਸਨ।