ਜੀਟੀਯੂ ਦਫ਼ਤਰੀ ਕਰਮਚਾਰੀਆਂ ਦੇ ਹੱਕ ’ਚ ਨਿੱਤਰੀ
ਗੋਰਮਿੰਟ ਟੀਚਰ ਯੂਨੀਅਨ ਦਫ਼ਤਰੀ ਕਰਮਚਾਰੀਆਂ ਦੇ ਹੱਕ ਵਿੱਚ ਨਿੱਤਰੀ, ਲਾਠੀਚਾਰਜ ਦੀ ਕੀਤੀ ਨਿੰਦਾ
Publish Date: Thu, 26 Feb 2026 09:57 PM (IST)
Updated Date: Thu, 26 Feb 2026 10:01 PM (IST)

ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕੀਤੀ ਨਿੰਦਾ 16 ਫ਼ੀਸਦੀ ਡੀਏ ਤੇ ਬਕਾਇਆ ਭੱਤੇ ਤੁਰੰਤ ਦਿੱਤੇ ਜਾਣ : ਬੱਧਣ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀ ਸੇਵਾਵਾਂ ਦੇ ਰਹੇ ਸਮੱਗਰ ਸਿੱਖਿਆ ਅਭਿਆਨ ਦੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੇ ਬੀਤੇ ਦਿਨ ਚੰਡੀਗੜ੍ਹ ਵਿਖੇ ਕੀਤੇ ਗਏ ਅਣਉਚਿਤ ਬਲ ਪ੍ਰਯੋਗ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਨੇ ਦਫ਼ਤਰੀ ਕਰਮਚਾਰੀਆਂ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ। ਸੁਲਤਾਨਪੁਰ ਲੋਧੀ ਵਿਖੇ ਜਥੇਬੰਦੀ ਦੀ ਹੋਈ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਸੱਤਾ ਵਿਚ ਆਈ ਹੈ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਨੂੰ ਵੱਡੀ ਆਸ ਸੀ ਕਿ ਆਪ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇਗੀ ਪਰ ਤਨਖਾਹਾਂ ’ਤੇ ਲਾਏ ਜਾ ਕੱਟ ਨੇ ਉਨ੍ਹਾਂ ਨੂੰ ਬੇਗਾਨਗੀ ਵਾਲਾ ਅਹਿਸਾਸ ਕਰਵਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦਾ 16 ਫ਼ੀਸਦੀ ਡੀਏ ਜਿਉਂ ਦਾ ਤਿਉਂ ਹੀ ਖੜ੍ਹਾ ਹੈ ਤੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸੇ ਤਰ੍ਹਾਂ ਹੋਰ ਵੀ ਭੱਤੇ ਹਨ, ਜਿਨ੍ਹਾਂ ਤੋਂ ਸਰਕਾਰ ਭੱਜ ਰਹੀ ਹੈ। ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਨੇ ਐਲਾਨ ਕੀਤਾ ਕਿ ਉਹ ਦਫ਼ਤਰੀ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਸੰਘਰਸ਼ ਕਰੇਗੀ। ਇਸ ਮੌਕੇ ਜੁਗਿੰਦਰ ਸਿੰਘ ਅਮਾਨੀ ਪੁਰ, ਮਾਸਟਰ ਕਰਨੈਲ ਸਿੰਘ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਜਗਜੀਤ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁਮਾਣ, ਅਸ਼ਵਨੀ ਕੁਮਾਰ, ਰੇਸ਼ਮ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ ਦੰਦੂਪੁਰ ਆਦਿ ਹਾਜ਼ਰ ਸਨ।