ਅਧਿਆਪਕ ਭਰਤੀਆਂ ਬਾਰੇ ਸਰਕਾਰ ਦੇ ਦਾਅਵੇ ਝੂਠੇ
ਅਧਿਆਪਕ ਭਰਤੀਆਂ ਬਾਰੇ ਸਰਕਾਰ ਦੇ ਦਾਅਵੇ ਝੂਠੇ: ਅਧਿਆਪਕ ਆਗੂ
Publish Date: Sat, 04 Apr 2026 06:54 PM (IST)
Updated Date: Sat, 04 Apr 2026 06:55 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਵਿਚ ਅਧਿਆਪਕ ਭਰਤੀਆਂ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਅਧਿਆਪਕ ਆਗੂਆਂ ਸਤਨਾਮ ਸਿੰਘ ਰੰਧਾਵਾ, ਜਸਬੀਰ ਸਿੰਘ ਸੈਣੀ, ਜਸਬੀਰ ਭੰਗੂ ਨੇ ਸੂਬਾ ਸਰਕਾਰ ਦੇ ਉਨ੍ਹਾਂ ਦਾਅਵਿਆਂ ਨੂੰ ਨਕਾਰ ਦਿੱਤਾ ਹੈ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਹੈ ਕਿ ਹਜ਼ਾਰਾਂ ਅਧਿਆਪਕਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਦਾਅਵੇ “ਬਿਲਕੁਲ ਕੋਰਾ ਝੂਠ” ਹਨ ਤੇ ਜ਼ਮੀਨੀ ਪੱਧਰ ‘ਤੇ ਹਲਾਤ ਇਸ ਤੋਂ ਬਿਲਕੁਲ ਵੱਖਰੇ ਹਨ। ਉਨ੍ਹਾਂ ਦੱਸਿਆ ਕਿ ਕਈ ਸਕੂਲਾਂ ਵਿਚ ਅਜੇ ਵੀ ਅਧਿਆਪਕਾਂ ਦੀ ਘਾਟ ਬਰਕਰਾਰ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਅਧਿਆਪਕ ਯੂਨੀਅਨਾਂ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਅੰਕੜਿਆਂ ਦਾ ਖੇਡ ਖੇਡ ਰਹੀ ਹੈ, ਜਦਕਿ ਅਸਲ ਭਰਤੀਆਂ ਘੱਟ ਹਨ ਜਾਂ ਪ੍ਰਕਿਰਿਆ ਅਧੂਰੀ ਪਈ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਪਾਰਦਰਸ਼ੀ ਤਰੀਕੇ ਨਾਲ ਅਸਲ ਅੰਕੜੇ ਜਨਤਕ ਕਰੇ ਤੇ ਖਾਲੀ ਅਸਾਮੀਆਂ ਨੂੰ ਜਲਦੀ ਭਰੇ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇ ਮਸਲਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਦਾ ਕਹਿਣਾ ਹੈ ਕਿ ਜੇ ਸਰਕਾਰ ਦੇ ਦਾਅਵੇ ਸਹੀ ਹਨ, ਤਾਂ ਫਿਰ ਪਾਰਟੀ ਦੀਆਂ ਰੈਲੀਆਂ ਤੋਂ ਪਹਿਲਾਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਨ ਦੀ ਲੋੜ ਕਿਉਂ ਪੈਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੀ ਆਲੋਚਨਾ ਨੂੰ ਦਬਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ, ਜੋ ਲੋਕਤੰਤਰਕ ਹੱਕਾਂ ਦੇ ਖਿਲਾਫ ਹਨ। ਅਧਿਆਪਕ ਯੂਨੀਅਨਾਂ ਨੇ ਦੱਸਿਆ ਕਿ ਕਈ ਵਾਰ ਰੈਲੀਆਂ ਜਾਂ ਵੱਡੇ ਪ੍ਰੋਗਰਾਮਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਘਰਾਂ ਵਿਚ ਹੀ ਰੋਕ ਦਿੱਤਾ ਜਾਂਦਾ ਹੈ ਜਾਂ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਜਾਂਦਾ ਹੈ, ਤਾਂ ਜੋ ਉਹ ਆਪਣੀਆਂ ਮੰਗਾਂ ਨੂੰ ਜਨਤਕ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਹਾਲਾਤ ਸਰਕਾਰ ਦੇ ਦਾਵਿਆਂ ‘ਤੇ ਸਵਾਲ ਖੜ੍ਹੇ ਕਰਦੇ ਹਨ। ਪੰਜਾਬ ਵਿਚ ਅਧਿਆਪਕਾਂ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ। ਅਧਿਆਪਕ ਆਗੂਆਂ ਦਾ ਦੋਸ਼ ਹੈ ਕਿ ਵਾਰ-ਵਾਰ ਅਵਾਜ਼ ਉਠਾਉਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸਤਨਾਮ ਸਿੰਘ ਰੰਧਾਵਾ, ਜਸਬੀਰ ਸਿੰਘ ਸੈਣੀ ਤੇ ਜਸਬੀਰ ਭੰਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਅਧਿਆਪਕਾਂ ਸਮੇਤ ਹੋਰ ਸਰਕਾਰੀ ਕਰਮਚਾਰੀਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਤਨਖਾਹੀ ਮਸਲੇ, ਪੱਕੀ ਨਿਯੁਕਤੀ, ਤਰੱਕੀਆਂ ਤੇ ਹੋਰ ਸਹੂਲਤਾਂ ਵਰਗੀਆਂ ਅਹਿਮ ਮੰਗਾਂ ਅਜੇ ਵੀ ਲਟਕ ਰਹੀਆਂ ਹਨ। ਇਸ ਕਾਰਨ ਮੁਲਾਜ਼ਮ ਵਰਗ ਨੂੰ ਮੁੜ-ਮੁੜ ਸੜਕਾਂ ‘ਤੇ ਆਉਣਾ ਪੈ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਜਲਦ ਹੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੋ ਚੁੱਕਾ ਹੈ ਤੇ ਆਪਣੇ ਹੱਕਾਂ ਲਈ ਲੜਾਈ ਜਾਰੀ ਰੱਖੇਗਾ।