650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ
ਕਪੂਰਥਲਾ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
Publish Date: Sun, 07 Jun 2026 09:30 PM (IST)
Updated Date: Sun, 07 Jun 2026 09:32 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹਾਨ ਕੀਰਤਨ ਸਮਾਗਮ ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸੰਤਾਂ-ਮਹਾਂਪੁਰਖਾਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਾਲਾਨਾ ਸਮਾਗਮਾਂ ਦੀ ਲੜੀ ਵਿਚ ਤੀਸਰਾ ਵੱਡਾ ਕੀਰਤਨ ਦਰਬਾਰ ਸੀ, ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਅਨਮੋਲ ਸਿੱਖਿਆਵਾਂ ਤੇ ਪਵਿੱਤਰ ਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੱਦਾ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਬਹੁਤ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਇਤਿਹਾਸ ਦੇ ਇਸ ਮਹਾਨ ਪੜਾਅ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਗੁਰੂ ਸਾਹਿਬ ਦਾ 650ਵਾਂ ਪ੍ਰਕਾਸ਼ ਪੁਰਬ ਸਾਰਾ ਸਾਲ ਮਨਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਪ੍ਰਣ ਕੀਤਾ ਕਿ ਸਰਕਾਰ ਦਾ ਫਰਜ਼ ਸਮਾਜਿਕ ਤੇ ਧਾਰਮਿਕ ਕਾਰਜਾਂ ਵਿਚ ਸਹਿਯੋਗ ਕਰਨਾ ਹੈ ਤੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਪੰਜਾਬ ਦੇ ਹਰ ਗਲੀ-ਮੁਹੱਲੇ ਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਸੈਰ-ਸਪਾਟਾ ਵਿਭਾਗ ਦੇ ਐਡਵਾਈਜ਼ਰ ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਤਤਕਾਲੀ ਵਰਣ-ਵਿਵਸਥਾ ਤੇ ਸਮਾਜਿਕ ਨਾਬਰਾਬਰੀ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸਮਾਜਿਕ ਸਮਾਨਤਾ ਦਾ ਹੋਕਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਫਰਵਰੀ 2026 ਤੋਂ ਸ਼ੁਰੂ ਹੋਏ ਇਹ ਸਮਾਗਮ ਫਰਵਰੀ 2027 ਤੱਕ ਚੱਲਣਗੇ, ਜਿਸ ਦੌਰਾਨ 10 ਵੱਡੇ ਕੀਰਤਨ ਦਰਬਾਰ ਕਰਵਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਚਾਰ ਵਿਸ਼ੇਸ਼ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਕਾਸ਼ੀ, ਬਠਿੰਡਾ, ਫਰੀਦਕੋਟ ਤੇ ਜੰਮੂ ਤੋਂ ਸ਼ੁਰੂ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੰਨ ਹੋਣਗੀਆਂ। ਇਸ ਤੋਂ ਇਲਾਵਾ ਸਾਰੀਆਂ ਵਿਧਾਨ ਸਭਾਵਾਂ ਵਿਚ ਡਰੋਨ ਸ਼ੋਅ ਕਰਵਾਏ ਜਾਣਗੇ ਤੇ ਗੁਰੂ ਸਾਹਿਬ ਦੇ ਜੀਵਨ ਤੇ ਅਧਾਰਿਤ ਵਿਸ਼ੇਸ਼ ਫਿਲਮ ਪਿੰਡ-ਪਿੰਡ ਦਿਖਾਈ ਜਾਵੇਗੀ। ਇਸ ਮੌਕੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੈ ਦੱਤ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ, ਚੇਅਰਮੈਨ ਟਰੇਡ ਕਮਿਸ਼ਨ ਕੰਵਰ ਇਕਬਾਲ ਸਿੰਘ, ਇੰਦਰਜੀਤ ਸਿੰਘ ਜੁਗਨੂੰ, ਆਪ ਆਗੂ ਪਰਵਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।