ਨਵਾਂ ਪਿੰਡ ਰਾਮਪੁਰ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂ ਪਿੰਡ ਰਾਮਪੁਰ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
Publish Date: Sat, 28 Nov 2026 09:42 PM (IST)
Updated Date: Sat, 28 Nov 2026 09:43 PM (IST)
ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ ਕਾਲਾ ਸੰਘਿਆਂ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਨਵਾਂ ਪਿੰਡ ਰਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਮੰਗਲ ਸਿੰਘ ਆਧੀ ਵਾਲੇ ਸ਼ਬਦ ਕੀਰਤਨ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿਤੀ 29 ਨਵੰਬਰ ਨੂੰ ਸਵੇਰੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਣਗੇ। ਸਜਾਏ ਜਾ ਰਹੇ ਵਿਸ਼ਾਲ ਦੀਵਾਨਾਂ ਚ ਸੁਲਤਾਨਪੁਰ ਵਾਲਿਆਂ ਦਾ ਪੰਥ ਪ੍ਰਸਿੱਧ ਕਵੀਸ਼ਰ ਜਥਾ ਹਾਜ਼ਰੀ ਭਰੇਗਾ। ਗੁਰੂ ਘਰ ਦੇ ਪ੍ਰਬੰਧਕਾਂ ਨੇ ਇਲਾਕੇ ਦੀਆਂ ਵੱਧ ਤੋਂ ਵੱਧ ਸੰਗਤਾਂ ਨੂੰ ਸਮਾਗਮ ਦੌਰਾਨ ਸ਼ਾਮਲ ਹੋਣ ਦੀ ਬੇਨਤੀ ਕੀਤੀ।