15 ਨੂੰ ਹੋਵੇਗਾ ਗ੍ਰੰਥੀ ਸਾਹਿਬਾਨ ਦਾ ਵਿਸ਼ੇਸ਼ ਸਨਮਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗ੍ਰੰਥੀ ਸਾਹਿਬਾਨ ਦਾ ਹੋਵੇਗਾ ਵਿਸ਼ੇਸ਼ ਸਨਮਾਨ
Publish Date: Mon, 14 Sep 2026 08:38 PM (IST)
Updated Date: Mon, 14 Sep 2026 08:41 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਾਹਿਬਾਨ ਸਨਮਾਨ ਸਮਾਗਮ 15 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12:30 ਵਜੇ ਤੱਕ ਗੁਰੂ ਨਾਨਕ ਮਿਸ਼ਨ ਨੇਤਰਹੀਨ ਬਿਰਧ ਆਸ਼ਰਮ ਸਪਰੋੜ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਤਤਵੇਤੇ ਖੱਟ ਦਰਸ਼ਨ ਨਿਰਮਲ ਭੇਖ ਸਾਧੂ ਸੰਤ ਸਮਾਜ ਦੇ ਮਹਾਂਪੁਰਖਾਂ ਤੋਂ ਇਲਾਵਾ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਵਿਸ਼ੇਸ਼ ਸਮਾਗਮ ਸਬੰਧੀ ਸੱਦਾ ਪੱਤਰ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ, ਮੁੱਖ ਸੰਚਾਲਕ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਫਗਵਾੜਾ ਨੂੰ ਦਿੱਤਾ ਗਿਆ। ਇਸ ਮੌਕੇ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਮਿਸ਼ਨ ਨੇਤਰਹੀਨ ਬਿਰਧ ਆਸ਼ਰਮ ਸਪਰੋੜ ਦੇ ਸੇਵਾਦਾਰ ਸੰਤ ਬਾਬਾ ਮੁਖਤਿਆਰ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ ਫਗਵਾੜਾ ਸ਼ਹਿਰ ਵਿੱਚ ਮੌਜੂਦ ਵੱਖ-ਵੱਖ ਗੁਰੂ ਘਰਾਂ ਦੇ ਵਜ਼ੀਰ ਤੇ ਗ੍ਰੰਥੀ ਸਾਹਿਬਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਫਗਵਾੜਾ ਵਾਸੀਆਂ ਤੇ ਗੁਰੂ ਘਰ ਨਾਲ ਜੁੜੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।