ਪੈਨਸ਼ਨਰਾਂ ਦਾ ਜਥਾ ਪੱਕੇ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ ਪੈਨਸ਼ਨਰਾਂ ਦਾ ਜਥਾ ਸੰਗਰੂਰ ਪੱਕੇ ਧਰਨੇ ਵਿੱਚ ਸ਼ਾਮਲ ਹੋਣ ਲਈ ਹੋਇਆ ਰਵਾਨਾ:ਪੈਨਸ਼ਨਰ ਆਗੂ*
Publish Date: Tue, 17 Nov 2026 06:44 PM (IST)
Updated Date: Tue, 17 Nov 2026 06:45 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕਾ ਧਰਨਾ ਲਗਾਇਆ ਹੋਇਆ ਹੈ। ਸੰਗਰੂਰ ਪੱਕੇ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਲੱਗੀ ਵਾਰੀ ਅਨੁਸਾਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ ਤੇ ਜੁਆਇੰਟ ਪੈਨਸ਼ਨਰਜ਼ ਫਰੰਟ ਫਗਵਾੜਾ ਦੇ ਆਗੂ ਹੰਸ ਰਾਜ ਬੰਗੜ ਦੀ ਅਗਵਾਈ ਵਿੱਚ ਸੰਗਰੂਰ ਲਈ ਰਵਾਨਾ ਹੋਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਸਾਢੇ ਚਾਰ ਸਾਲਾਂ ਦੇ ਸਮੇਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਅੱਜ ਤੱਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਨੂੰ ਮੀਟਿੰਗ ਦੀ ਮਿਤੀ ਦੇ ਕੇ ਆਨੇ-ਬਹਾਨੇ ਮੀਟਿੰਗ ਕਰਨ ਤੋਂ ਭਗੌੜੇ ਹੋ ਰਹੇ ਹਨ। ਮੰਗਾਂ ਸਬੰਧੀ ਗੱਲਬਾਤ ਕਰਨੀ ਤਾਂ ਇੱਕ ਪਾਸੇ ਰਹੀ ਸਗੋਂ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੀ ਹਾਈ ਪਾਵਰ ਕਮੇਟੀ ਵੱਲੋਂ ਮੁਲਾਜ਼ਮਾਂ ਨੂੰ ਆਮ ਲੋਕਾਂ ਵਿੱਚ ਬਦਨਾਮ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਸੱਭ ਤੋਂ ਵੱਧ ਤਨਖਾਹ ਦਿੱਤੀ ਜਾ ਰਹੀ ਹੈ, ਜੋ ਕਿ ਸਰਾਸਰ ਝੂਠ ਬੋਲਿਆ ਜਾ ਰਿਹਾ ਹੈ। ਉਪਰੋਕਤ ਝੂਠ ਦਾ ਡੱਟਵਾਂ ਜਵਾਬ ਸੋਸ਼ਲ ਮੀਡੀਆ ਰਾਹੀਂ ਪੋਸਟਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਦੇ ਝੂਠ ਦਾ ਭਾਂਡਾ ਚੁਰਾਹੇ ਵਿੱਚ ਭੰਨਦੇ ਹੋਏ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ, ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਲਈ ਗੰਭੀਰ ਨਾ ਹੋਏ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਕੱਤਰੇਤ ਤੋਂ ਸਤੌਜ ਦੀ ਵਾਪਸੀ ਦੇ ਐਲਾਨ ਨੂੰ ਅਮਲੀ ਰੂਪ ਦੇਣ ਲਈ ਲਈ ਸੰਘਰਸ਼ਾਂ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਲਈ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਿੱਜੀ ਤੌਰ ਤੇ ਜ਼ਿੰਮੇਵਾਰ ਹੋਣਗੇ। ਅੱਜ ਦੇ ਜਥੇ ਵਿੱਚ ਮੋਹਣ ਸਿੰਘ ਭੱਟੀ, ਗਿਆਨ ਚੰਦ ਨਈਅਰ, ਪ੍ਰਮੋਦ ਕੁਮਾਰ ਜੋਸ਼ੀ, ਹਰਮੇਸ਼ ਪਾਠਕ, ਰਾਮ ਲੁਭਾਇਆ ਰਿਹਾਣਾ ਜੱਟਾਂ, ਨਿਰਮੋਲਕ ਸਿੰਘ ਹੀਰਾ, ਰਤਨ ਸਿੰਘ ਖਲਵਾੜਾ, ਰਤਨ ਸਿੰਘ ਗੁਰਾਇਆ, ਗੁਰਮੇਲ ਚੰਦ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ, ਸੁਖਦੇਵ ਸਿੰਘ ਤਰਕਸ਼ੀਲ, ਹਰਭਜਨ ਲਾਲ ਕੌਲ, ਕੇਕੇ ਪਾਂਡੇ, ਮੋਹਣ ਲਾਲ ਰਤਨ, ਹਰੀ ਦੇਵ ਸ਼ਰਮਾ, ਸੁਧੀਰ ਸ਼ਰਮਾ, ਗੁਰਨਾਮ ਪਾਲ, ਨਾਜਰ ਸਿੰਘ, ਹਰਜਿੰਦਰ ਸਿੰਘ, ਦੇਵ ਸਿੰਘ, ਬਿੰਦਰ ਸਿੰਘ ਆਦਿ ਜੁਝਾਰੂ ਪੈਨਸ਼ਨਰ ਸਾਥੀ ਸ਼ਾਮਲ ਹੋਏ।