ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ
ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ
Publish Date: Tue, 21 Apr 2026 08:04 PM (IST)
Updated Date: Tue, 21 Apr 2026 08:07 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪੱਕੀਆਂ ਅਸਾਮੀਆਂ ’ਤੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਿਚ ਉਚੇਰੀ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਵਿਰੁੱਧ ਗੁੱਸੇ ਦੀ ਭਾਵਨਾ ਹੈ। ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ ਪਹਿਲਾਂ ਹੀ ਬੁਹਤ ਘੱਟ ਹਨ ਤੇ ਉਨ੍ਹਾਂ ਨੂੰ ਤਨਖ਼ਾਹ ਵੀ ਤਿੰਨ-ਚਾਰ ਮਹੀਨਿਆਂ ਤੋਂ ਬਾਅਦ ਮਿਲਦੀ ਹੈ, ਜਿਸ ਕਾਰਨ ਸਾਡੇ ਲਈ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਆਪਣਾ ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬੁਹਤ ਮੁਸ਼ਕਿਲ ਹੋਇਆ ਪਿਆ ਹੈ। ਵਿੱਤ ਵਿਭਾਗ ਨੇ ਸਮੇਂ-ਸਮੇਂ ’ਤੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਪਾਉਣ ਦੀ ਹਦਾਇਤਾਂ ਜਾਰੀ ਕੀਤੀਆਂ ਹਨ, ਪਰ ਬਾਵਜੂਦ ਇਸ ਦੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਸਿਰ ’ਤੇ ਇਨ੍ਹਾਂ ਪੱਤਰਾਂ ਨਾਲ ਕੋਈ ਜੂੰ ਨਹੀਂ ਸਰਕ ਰਹੀ, ਜਿਸ ਨਾਲ ਪੰਜਾਬ ਸਰਕਾਰ ਦੇ ਅਕਸ ਨੂੰ ਵੀ ਸੱਟ ਵੱਜਦੀ ਹੈ ਤੇ ਇਸ ਕਾਰਨ ਅਧਿਆਪਕਾਂ ਵਿਚ ਰੋਸ ਹੈ। ਇਸ ਮੌਕੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਮੰਗ ਕੀਤੀ ਕਿ ਸਾਡੀਆਂ ਤਨਖ਼ਾਹਾਂ ਜਲਦੀ ਤੋਂ ਜਲਦੀ ਤੇ ਮਹੀਨੇ ਦੇ ਮਹੀਨੇ ਜਾਰੀ ਕੀਤੀਆਂ ਜਾਣ। ਅਜਿਹਾ ਨਾ ਹੋਣ ਦੀ ਸੂਰਤ ਵਿਚ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਰਕਾਰ ਦੀ ਹੋਵੇਗੀ।