ਸ਼੍ਰੋਮਣੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਕਰਵਾਇਆ ਗੁਰਮਤਿ ਸਮਾਗਮ
Publish Date: Tue, 18 Aug 2026 10:08 PM (IST)
Updated Date: Tue, 18 Aug 2026 10:12 PM (IST)
ਸਮਾਗਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਕੀਤਾ ਸੰਬੋਧਨ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਤੇ ਗੁਰੂ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿੱਖ ਸੰਗਤ ਲਈ ਸ਼ਰਧਾ, ਸ਼ਾਂਤੀ ਤੇ ਆਤਮਿਕਤਾ ਦੇ ਕੇਂਦਰ ਹਨ, ਇਸ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਹਰ ਹਾਲਤ ਵਿਚ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਇਸ ਲਈ ਸਿੱਖ ਸੰਸਥਾਵਾਂ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਇਨ੍ਹਾਂ ਤਾਕਤਾਂ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ, ਤਾਂ ਜੋ ਇਹ ਪੰਥ ਵਿਰੋਧੀ ਸ਼ਕਤੀਆਂ ਆਪਣੇ ਮਨਸੂਬੇ ਵਿਚ ਕਾਮਯਾਬ ਨਾ ਹੋ ਸਕਣ। ਉਨ੍ਹਾਂ ਬੀਤੇ ਦਿਨੀਂ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਜਾਂ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਹੈ, ਜਿਥੇ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਵਹੀਰ ਦਾ ਮੰਤਵ ਜਿਥੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਉਥੇ ਹੀ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਕਰਨਾ ਹੈ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਬੁਲਾਰਿਆਂ ਨੇ ਸੰਗਤ ਨਾਲ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਬਾਬਾ ਬੂਟਾ ਸਿੰਘ, ਇੰਜੀ. ਸਵਰਨ ਸਿੰਘ, ਮੈਨੇਜਰ ਅਵਤਾਰ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਸਰਪੰਚ ਮੋਹਨ ਸਿੰਘ ਮਿਰਜਾਪੁਰ, ਐੱਸਸੀ ਵਿੰਗ ਦੇ ਦੁਆਬਾ ਜ਼ੋਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।