ਐਲਪਾਈਨ ਸਕੂਲ ’ਚ ਗੁਰਪੁਰਬ ਮਨਾਇਆ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sat, 28 Nov 2026 07:02 PM (IST)
Updated Date: Sat, 28 Nov 2026 07:04 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਮਾਗਮ ਵਿੱਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਵੀ ਕੀਤਾ ਗਿਆ। ਬੱਚਿਆਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੇ ਮਨੁੱਖਤਾ ਨੂੰ ਦਿੱਤੇ ਸਰਬ-ਸਾਂਝੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਗੁਰੂ ਸਾਹਿਬ ਜੀ ਵੱਲੋਂ ਦਿੱਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰੂ ਕਾ ਪ੍ਰਸ਼ਾਦ ਵੰਡਿਆ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਧਰਮ, ਵਿਰਸੇ ਤੇ ਗੁਰਬਾਣੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬੱਚਿਆਂ ਅੰਦਰ ਸੇਵਾ, ਨਿਮਰਤਾ, ਪਿਆਰ, ਸਾਂਝ ਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਣਾ ਦਾ ਸਰੋਤ ਹਨ।