ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਮਾਨਵ ਅਧਿਕਾਰਾਂ ਲਈ ਖੜ੍ਹੇ ਹੋਣ ਦਾ ਸੰਦੇਸ਼ ਦਿੰਦਾ : ਸੰਤ ਸੁਖਵਿੰਦਰ ਸਿੰਘ
ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਮਾਨਵ ਅਧਿਕਾਰਾਂ ਦੇ ਲਈ ਖੜੇ ਹੋਣ ਦਾ ਸੰਦੇਸ਼ ਦਿੰਦਾ : ਸੰਤ ਸੁਖਵਿੰਦਰ ਸਿੰਘ
Publish Date: Fri, 21 Nov 2025 09:07 PM (IST)
Updated Date: Fri, 21 Nov 2025 09:07 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਤਖਤਗੜ੍ਹ ਸਾਹਿਬ ਫਿਲੌਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸੁਸ਼ੋਬਿਤ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਲੋਵਾਲ ਨੇ ਵੀ ਸ਼ਿਰਕਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਹੌਸਲੇ ਤੇ ਤਿਆਗ ਦਾ ਪ੍ਰਤੀਕ ਹੈ। ਉਨ੍ਹਾਂ ਨੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸਾਨੂੰ ਨਿਆਂ ਸਮਾਨਤਾ ਅਤੇ ਮਾਨਵ ਅਧਿਕਾਰਾਂ ਦੇ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੀ ਮਹਾਨ ਸ਼ਹਾਦਤ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੰਦੇਸ਼ਾਂ ਨੂੰ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਸੰਤ ਸੁਖਵਿੰਦਰ ਸਿੰਘ ਅਲੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਸਾਨੂੰ ਸਿਖਾਉਂਦਾ ਹੈ ਕਿ ਸੱਚਾਈ ਲਈ ਖੜ੍ਹੇ ਹੋਣਾ ਕਿੰਨਾ ਜ਼ਰੂਰੀ ਹੈ ਭਾਵੇਂ ਹਾਲਾਤ ਕਿੰਨੇ ਵੀ ਮੁਸ਼ਕਿਲ ਕਿਉਂ ਨਾ ਹੋਣ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਸਿੱਖਿਆ ਗ੍ਰਹਿਣ ਕਰ ਕੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਉਪਰੰਤ ਜੋ ਬੋਲੇ ਸੋ ਨਿਹਾਲ ਨਾਲ ਅਸਮਾਨ ਗੂੰਜ ਉੱਠਿਆ। ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਵਿਖਾਏ। ਕੀਰਤਨੀ ਜਥੇ ਕੀਰਤਨ ਕਰਦੇ ਹੋਏ ਨਗਰ ਕੀਰਤਨ ਵਿੱਚ ਵਾਹਿਗੁਰੂ ਦਾ ਨਾਮ ਜੱਪਿਆ। ਇਸ ਮੌਕੇ ਪ੍ਰਧਾਨ ਪ੍ਰਦੀਪ ਸਿੰਘ ਦੁਗਲ, ਹਰਦੇਵ ਸਿੰਘ ਪਿਹੋਵਾ, ਮੋਹਣ ਸਿੰਘ ਆਦਿ ਹਾਜ਼ਰ ਸਨ।