- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਤੇ ਲੋਕਤੰਤਰ ਦੀ ਰੱਖਿਆ ਲਈ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਜ਼ਰੂਰੀ : ਕਰਮਜੀਤ ਸਿੰਘ ਬਿੱਟੂ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਪੰਜਾਬ ਕਾਂਗਰਸ ਐੱਸਸੀ ਸੈੱਲ ਦੇ ਸੂਬਾ ਸਕੱਤਰ ਕਰਮਜੀਤ ਸਿੰਘ ਬਿੱਟੂ ਤੇ ਯੁਵਾ ਵਿਕਾਸ ਮੋਰਚਾ ਪੰਜਾਬ ਦੇ ਪ੍ਰਧਾਨ ਅਨੂ ਸਹੋਤਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਤੇ ਵੋਟਰਾਂ ਦੇ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਵਿੱਚ ਪੂਰੀ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਕਰਮਜੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੰਘਰਸ਼ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਬੇਹੱਦ ਜ਼ਰੂਰੀ ਹੈ ਤੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਇਹ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ। ਇਸ ਦੌਰਾਨ ਅਨੁ ਸਹੋਤਾ ਨੇ ਕਿਹਾ ਕਿ ਜੇਕਰ ਇਹ ਅੰਦੋਲਨ ਲੰਮਾ ਖਿੱਚਦਾ ਹੈ ਤੇ ਗਿਆਨੇਸ਼ ਕੁਮਾਰ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਜਾਂਦਾ ਤਾਂ ਉਹ ਵੀ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ। ਜਦੋਂ ਤੱਕ ਸੀਈਸੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਸੰਘਰਸ਼ ਜਾਰੀ ਰਹੇਗਾ, ਉਹ ਇਸ ਮੁੱਦੇ ’ਤੇ ਆਪਣੀ ਹਮਾਇਤ ਜਾਰੀ ਰੱਖਣਗੇ। ਕਰਮਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਤੇ ਯੂਪੀ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਵਿਧਾਨਸਭਾ ਚੋਣਾਂ ਹੋਣੀਆਂ ਹਨ। ਇਸ ਲਈ ਵੋਟਰ ਸੂਚੀਆਂ ਵਿੱਚ ਤਬਦੀਲੀਆਂ ਤੇ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਦੀ ਪ੍ਰਕਿਰਿਆ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲ ਬਿਲਕੁਲ ਜਾਇਜ਼ ਹਨ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਇਸ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਯੋਗ ਵੋਟਰਾਂ ਦੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਦੀ ਮੰਗ ਕਰ ਰਹੀਆਂ ਹਨ। ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨਾ ਤੇ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣ ਵਾਲੇ ਹਰੇਕ ਵਰਗ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਹੈ।