ਦੀ ਹਾਕ ਵਰਲਡ ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਖੇਡਾਂ ਵਤਨ ਪੰਜਾਬ ਦੀਆਂ ’ਚ ਦੀ ਹਾਕ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 18 Sep 2026 07:18 PM (IST)
Updated Date: Fri, 18 Sep 2026 07:20 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਦੀ ਹਾਕਵਰਲਡ ਸਕੂਲ, ਤਲਵੰਡੀ ਚੌਧਰੀਆਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਕੁੱਲ 7 ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚੋਂ 6 ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਬਣਾਈ। ਮੁਕਾਬਲਿਆਂ ਦੌਰਾਨ ਰਿਚਦੀਪ ਕੌਰ ਨੇ ਜੈਵਲਿਨ ਥ੍ਰੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ੁਭਰੀਨ ਕੌਰ ਨੇ 3 ਕਿਲੋਮੀਟਰ ਦੌੜ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮਹਿਕਪ੍ਰੀਤ ਕੌਰ ਨੇ 400 ਮੀਟਰ ਦੌੜ ਵਿੱਚ ਦੂਜਾ ਤੇ ਐਸ਼ਵਿਨ ਕੌਰ ਨੇ 100 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਗਲੇ ਪੜਾਅ ਲਈ ਆਪਣੀ ਥਾਂ ਪੱਕੀ ਕੀਤੀ। ਇਸੇ ਤਰ੍ਹਾਂ ਕਮਲਦੀਪ ਕੌਰ ਨੇ 400 ਮੀਟਰ ਦੌੜ ਵਿੱਚ ਤੀਜਾ ਸਥਾਨ ਤੇ ਰਵਨੀਤ ਬਜਾਜ ਨੇ ਸ਼ਾਟਪੁੱਟ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤੇਜਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਤਾ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮਾਹੌਲ ਮਿਲ ਸਕੇ। ਸਕੂਲ ਦੇ ਉਪ-ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਾਤਾਰ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਪ੍ਰਿੰਸੀਪਲ ਮੈਡਮ ਸ਼ਵੇਤਾ ਮਹਿਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਜ਼ਿਲ੍ਹਾ ਪੱਧਰ ਲਈ ਚੁਣੇ ਗਏ ਖਿਡਾਰੀਆਂ ਨੂੰ ਅਗਲੇ ਪੜਾਅ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।