ਯੂਨੀਵਰਸਿਟੀ ਕਾਲਜ ਮਿੱਠੜਾ ’ਚ ਸਦਭਾਵਨਾ ਦਿਵਸ ਮਨਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਸਦਭਾਵਨਾ ਦਿਵਸ ਮਨਾਇਆ
Publish Date: Sun, 23 Aug 2026 09:33 PM (IST)
Updated Date: Sun, 23 Aug 2026 09:33 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਸਮਾਜ ਵਿੱਚ ਏਕਤਾ, ਭਾਈਚਾਰਕ ਸਾਂਝ, ਸ਼ਾਂਤੀ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਸਦਭਾਵਨਾ ਦੀ ਸਹੁੰ ਚੁੱਕੀ ਗਈ। ਸਹੁੰ ਰਾਹੀਂ ਉਨ੍ਹਾਂ ਨੇ ਜਾਤ, ਧਰਮ, ਭਾਸ਼ਾ ਤੇ ਖੇਤਰ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਸਦਭਾਵਨਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਸਾਂਝ, ਸਹਿਣਸ਼ੀਲਤਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਵਿੱਚ ਸ਼ਾਂਤੀ ਤੇ ਏਕਤਾ ਦਾ ਸੰਦੇਸ਼ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਐੱਨਐੱਸਐੱਸ ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਸਦਭਾਵਨਾ ਤੇ ਏਕਤਾ ਇੱਕ ਮਜ਼ਬੂਤ ਤੇ ਖੁਸ਼ਹਾਲ ਸਮਾਜ ਦੀ ਨੀਂਹ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ, ਜਾਤ ਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।