ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਏ ਸਿਹਤ ਵਿਭਾਗ : ਕੰਗ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਏ ਸਿਹਤ ਵਿਭਾਗ : ਗੁਰਦੀਪ ਸਿੰਘ ਕੰਗ
Publish Date: Tue, 27 Oct 2026 06:25 PM (IST)
Updated Date: Tue, 27 Oct 2026 06:28 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਾਲ ਦੇ ਸਭ ਤੋਂ ਵੱਡੇ ਤਿਓਹਾਰ ਦੀਵਾਲੀ, ਕਰਵਾਚੌਥ, ਅਹੋਈ ਅਸ਼ਟਮੀ ਤੇ ਧਨ ਤੇਰਸ ਆਦਿ ਨੂੰ ਦੇਖਦੇ ਹੋਏ ਬਾਜ਼ਾਰਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣਾ ਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਦੱਸਦਿਆਂ ਆਲ ਇੰਡੀਆ ਐਂਟੀ-ਕਰਪਸ਼ਨ ਫੋਰਮ ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਤਾਂ ਜੋ ਮਿਲਾਵਟੀ ਸਾਮਾਨ ਦੀ ਵਿਕਰੀ ’ਤੇ ਸਖ਼ਤੀ ਨਾਲ ਰੋਕ ਲੱਗ ਸਕੇ। ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਦੌਰਾਨ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਕਾਫ਼ੀ ਵਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਮਿਲਾਵਟੀ ਖੋਆ, ਘਿਓ ਤੇ ਤੇਲ ਵਰਗੀਆਂ ਵਸਤਾਂ ਦੀ ਵਿਕਰੀ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਮੁਨਾਫ਼ੇ ਦੀ ਖ਼ਾਤਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮਠਿਆਈ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਠਿਆਈਆਂ ਤਿਆਰ ਕਰਨ ਲਈ ਸ਼ੁੱਧ ਦੁੱਧ, ਘਿਓ, ਤੇਲ ਤੇ ਖੋਏ ਦੀ ਵਰਤੋਂ ਕਰਨ ਤੇ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਕਿਉਂਕਿ ਤਿਉਹਾਰ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਹੁੰਦੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲੋਕਾਂ ਦੀਆਂ ਖੁਸ਼ੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਵਿੱਚ ਨਹੀਂ ਬਦਲਣੀ ਚਾਹੀਦੀ। ਆਮ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕੰਗ ਨੇ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਖਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ, ਪੈਕਿੰਗ, ਮਿਆਦ ਪੁੱਗਣ ਦੀ ਤਾਰੀਖ ਅਤੇ ਨਿਰਮਾਣ ਸਬੰਧੀ ਜਾਣਕਾਰੀ ਦੀ ਜਾਂਚ ਜ਼ਰੂਰ ਕੀਤੀ ਜਾਵੇ। ਸਿਰਫ਼ ਸਸਤੇ ਭਾਅ ਦੇ ਲਾਲਚ ਵਿੱਚ ਆ ਕੇ ਸਿਹਤ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ। ਖਰੀਦਦਾਰੀ ਲਈ ਭਰੋਸੇਯੋਗ ਦੁਕਾਨਾਂ ਅਤੇ ਸਟੋਰਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ ਬਿੱਲ ਵੀ ਜ਼ਰੂਰ ਲੈਣਾ ਚਾਹੀਦਾ ਹੈ, ਤਾਂ ਜੋ ਕਿਸੇ ਵਸਤੂ ਵਿੱਚ ਨੁਕਸ ਪਾਏ ਜਾਣ ’ਤੇ ਸਬੰਧਤ ਵਿਕਰੇਤਾ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।