- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੂੜਾ ਸੁੱਟਣ ਲਈ ਸਥਾਈ ਥਾਂ ਦੀ ਸ਼ਨਾਖਤ ਕਰਨ ਦੇ ਨਗਰ ਨਿਗਮ ਨੂੰ ਨਿਰਦੇਸ਼

--ਸੀਨੀਅਰ ਅਧਿਕਾਰੀਆਂ ਦੀ ਟੀਮ ਨੂੰ ਮੌਕੇ ਦਾ ਦੌਰਾ ਕਰਕੇ 10 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ
--ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਵਿਭਾਗਾਂ ਨੂੰ ਇੱਕ ਹਫ਼ਤੇ ਵਿੱਚ ਨਿਪਟਾਰਾ ਕਰਨ ਦੇ ਨਿਰਦੇਸ਼
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਂਟੀ ਨੇ ਨਗਰ ਨਿਗਮ ਕਪੂਰਥਲਾ ਨੂੰ ਸ਼ਹਿਰ ਵਿਚ ਕੂੜਾ ਪ੍ਰਬੰਧਨ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣ ਲਈ ਕੂੜਾ ਸੁੱਟਣ ਵਾਸਤੇ ਢੁੱਕਵੀਂ ਥਾਂ ਦੀ ਸ਼ਨਾਖਤ ਕਰਕੇ ਉਸ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਜਨਤਕ ਸੁਣਵਾਈ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਖ਼ੁਦ ਨੋਟਿਸ ਲੈਂਦਿਆਂ ਸ਼ੈਂਟੀ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਕਪੂਰਥਲਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨਗਰ ਨਿਗਮ ਨੂੰ ਕੂੜਾ ਸੁੱਟਣ ਲਈ ਢੁੱਕਵੀਂ ਥਾਂ ਦੀ ਸ਼ਨਾਖਤ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣ ਲਈ ਕਿਹਾ। ਕੂੜਾ ਸਾੜਨ ਨੂੰ ਅਪਰਾਧਿਕ ਕਾਰਵਾਈ ਕਰਾਰ ਦਿੰਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਪ੍ਰਸਤਾਵਿਤ ਥਾਂ ਦਾ ਦੌਰਾ ਕਰਨ ਤੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ। ਸ਼ੈਂਟੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਦੇ ਮੁੱਖ ਸਕੱਤਰ ਕੋਲ ਵੀ ਉਠਾਉਣਗੇ ਤਾਂ ਜੋ ਵਿਰਾਸਤੀ ਸ਼ਹਿਰ ਵਜੋਂ ਜਾਣੇ ਜਾਂਦੇ ਕਪੂਰਥਲਾ ਨੂੰ ਕੂੜਾ ਮੁਕਤ ਬਣਾਇਆ ਜਾ ਸਕੇ। ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਸਬੰਧੀ ਸ਼ੈਂਟੀ ਨੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੂੰ ਹਦਾਇਤ ਕੀਤੀ ਕਿ ਕੋਈ ਵੀ ਹਸਪਤਾਲ ਇਲਾਜ ਦੇ ਖਰਚਿਆਂ ਦੀ ਅਦਾਇਗੀ ਨਾ ਹੋਣ ਕਾਰਨ ਮ੍ਰਿਤਕ ਮਰੀਜ਼ ਦੀ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਾ ਕਰੇ। ਉਨ੍ਹਾਂ ਇਸ ਸਬੰਧੀ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਸੱਤ ਦਿਨਾਂ ਦੇ ਅੰਦਰ ਹਰ ਹਸਪਤਾਲ ਵਿੱਚ ਪ੍ਰਮੁੱਖ ਥਾਵਾਂ 'ਤੇ ਵੱਡੇ ਫਲੈਕਸ ਬੋਰਡ ਤੇ ਪੋਸਟਰ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਵਲ ਸਰਜਨ ਨੂੰ ਜ਼ਰੂਰੀ ਦਵਾਈਆਂ ਦੀ ਉਪਲਬਧਤਾ, ਲੋੜੀਂਦੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ਼, ਡਾਇਲਸਿਸ ਸਹੂਲਤਾਂ, ਐਂਬੂਲੈਂਸਾਂ, ਬਲੱਡ ਬੈਂਕ ਤੇ ਮੁਰਦਾਘਰ ਸੇਵਾਵਾਂ ਯਕੀਨੀ ਬਣਾਉਣ ਲਈ ਵੀ ਕਿਹਾ। ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਮਰਜੈਂਸੀ ਵਾਰਡਾਂ ਅਤੇ ਪਖਾਨਿਆਂ ਦੀ ਸਫ਼ਾਈ ਬਰਕਰਾਰ ਰੱਖਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗ਼ੈਰ-ਜ਼ਿੰਮੇਵਾਰ ਟਰੈਵਲ ਏਜੰਟਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਜਿਹੀਆਂ ਗਤੀਵਿਧੀਆਂ 'ਤੇ ਸਖ਼ਤ ਨਿਗਰਾਨੀ ਰੱਖਣ, ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਨ ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਲੋਕ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਤੇ ਵਿਦੇਸ਼ੀ ਰੁਜ਼ਗਾਰ ਦੀਆਂ ਪੇਸ਼ਕਸ਼ਾਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ।
ਕੈਂਪ ਦੌਰਾਨ ਪੀਐੱਸਐੱਚਆਰਸੀ ਮੈਂਬਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸ਼ੈਂਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਜਾਰੀ ਕੀਤੇ ਗਏ ਸਾਰੇ ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਤੇ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਪੀਐੱਸਐੱਚਆਰਸੀ ਮੈਂਬਰ ਵੱਲੋਂ ਜਨਤਕ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਸਨਮਾਨ ਵਜੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਮੁੱਖ ਤੌਰ 'ਤੇ ਹਲਕਾ ਇੰਚਾਰਜ ਦਵਿੰਦਰ ਪਾਲ ਸਿੰਘ ਹੰਸਪਾਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਏਡੀਸੀ ਸ਼ਿਖਾ ਭਗਤ, ਐੱਸਪੀ (ਐੱਚ.) ਡਾ. ਮੁਕੇਸ਼ ਕੁਮਾਰ, ਕਮਿਸ਼ਨ ਵੱਲੋਂ ਬੀਐੱਸ ਬੇਦੀ, ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਕੋਰ ਗਰੁੱਪਾਂ ਦੇ ਮੈਂਬਰ ਹਾਜ਼ਰ ਸਨ।