ਜੇ ਭਾਜਪਾ ਦੀ ਸਰਕਾਰ ਬਣੀ ਤਾਂ ਵੱਡੀਆਂ ਸਹੂਲਤਾਂ ਮਿਲਣਗੀਆਂ : ਕੁਸ਼ਲਦੀਪ/ਹਰਸ਼ਿਤ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲਣਗੀਆਂ : ਕੁਸ਼ਲਦੀਪ/ਹਰਸ਼ਿਤ
Publish Date: Mon, 16 Nov 2026 09:26 PM (IST)
Updated Date: Mon, 16 Nov 2026 09:27 PM (IST)
ਯੁਵਾ ਭਾਜਪਾ ਆਗੂਆਂ ਨੇ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ’ਤੇ ਸਾਧਿਆ ਨਿਸ਼ਾਨਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਯੁਵਾ ਮੋਰਚਾ ਮੰਡਲ-2 ਦੇ ਪ੍ਰਧਾਨ ਕੁਸ਼ਲਦੀਪ ਸਿੰਘ ਤੇ ਜਨਰਲ ਸਕੱਤਰ ਹਰਸ਼ਿਤ ਖੰਨਾ ਨੇ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਦਸ ਸਾਲਾਂ ਤੋਂ ਸੂਬੇ ਵਿੱਚ ਸੱਤਾ ਵਿੱਚ ਸੀ ਪਰ ਉਨ੍ਹਾਂ ਨੂੰ ਉਸ ਸਮੇਂ ਨਸ਼ੇ ਦੀ ਸਮੱਸਿਆ ਯਾਦ ਨਹੀਂ ਆਈ। ਹੁਣ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਕਾਂਗਰਸ ਨੂੰ ਨਸ਼ੇ ਦੀ ਸਮੱਸਿਆ ਯਾਦ ਆ ਗਈ ਹੈ ਜੋ ਕਿ ਸਿਰਫ਼ ਇੱਕ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਸਾਈਕਲ ਯਾਤਰਾਵਾਂ ਦਾ ਆਯੋਜਨ ਕਰਕੇ ਪੰਜਾਬ ਦੀ ਜਵਾਨੀ ਨੂੰ ਨਹੀਂ ਬਚਾਇਆ ਜਾ ਸਕਦਾ। ਇਸ ਲਈ ਜ਼ਮੀਨੀ ਪੱਧਰ ’ਤੇ ਵਿਆਪਕ ਯਤਨਾਂ ਦੀ ਲੋੜ ਹੈ। ਕੁਸ਼ਲਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਅਸਫਲ ਸਾਬਤ ਹੋਈ ਹੈ। ਸੂਬੇ ਵਿੱਚ ਨਸ਼ਾ ਇੰਨਾ ਵੱਧ ਗਿਆ ਹੈ ਕਿ ਅੱਜ ਸਾਡੀ ਜਵਾਨੀ ਬਰਬਾਦ ਹੋ ਰਹੀ ਹੈ ਤੇ ਡਰੱਗ ਮਾਫੀਆ ਨੇ ਆਪਣੀਆਂ ਜੜ੍ਹਾਂ ਮਜ਼ਬੂਤ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਹੈ ਤਾਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਵਾਰ-ਵਾਰ ਦੁਹਰਾਇਆ ਹੈ। ਲੋਕਾਂ ਨੂੰ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਆਪਣੀ ਸਰਕਾਰ ਬਣਾਏਗੀ ਤੇ ਸਭ ਤੋਂ ਪਹਿਲਾਂ ਪੰਜਾਬ ਨੂੰ ਡਰੱਗ ਮਾਫੀਆ, ਭ੍ਰਿਸ਼ਟਾਚਾਰ ਤੇ ਗੈਂਗਸਟਰਵਾਦ ਦਾ ਖਾਤਮਾ ਕਰਕੇ ਇੱਕ ਨਵੀਂ ਦਿਸ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਸੂਬੇ ਦੀ ਕਿਸਮਤ ਬਦਲ ਜਾਵੇਗੀ ਤੇ ਲੋਕਾਂ ਨੂੰ ਉਹ ਸਾਰੇ ਲਾਭ ਮਿਲਣਗੇ ਜਿਨ੍ਹਾਂ ਤੋਂ ਉਹ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਥਿਕ ਵਿਕਾਸ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਹਰਸ਼ਿਤ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਵੱਲ ਬਹੁਤ ਉਮੀਦਾਂ ਨਾਲ ਦੇਖ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਭਾਜਪਾ ਦੀ ਡਬਲ-ਇੰਜਣ ਸਰਕਾਰ ਹੀ ਪੰਜਾਬ ਦੀਆਂ ਵਿਗੜਦੀਆਂ ਆਰਥਿਕ ਤੇ ਸਮਾਜਿਕ ਸਥਿਤੀਆਂ ਨੂੰ ਸੁਧਾਰ ਸਕਦੀ ਹੈ। ਪੰਜਾਬ ਵਿੱਚ ਲਾਗੂ ਕੀਤੇ ਜਾਣ ਵਾਲੇ ਲਾਭਾਂ ਦਾ ਜ਼ਿਕਰ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸੂਬੇ ਦੇ ਲੋੜਵੰਦ ਪਰਿਵਾਰਾਂ ਨੂੰ 500 ਰੁਪਏ ਵਿੱਚ ਇੱਕ ਸਿਲੰਡਰ ਤੇ ਔਰਤਾਂ ਨੂੰ 2,100 ਰੁਪਏ ਮਹੀਨਾਵਾਰ ਮਾਣਭੱਤਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਲਈ ਕਈ ਹੋਰ ਲਾਭ ਵੀ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਕੋਲ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇੱਕ ਦ੍ਰਿਸ਼ਟੀਕੋਣ ਹੈ, ਜਦੋਂ ਕਿ ਆਮ ਆਦਮੀ ਪਾਰਟੀ ਲੀਡਰਸ਼ਿਪ ਨੇ ਲੋਕਾਂ ਨੂੰ ਭਰਮਾ ਕੇ ਸਰਕਾਰ ਬਣਾਈ ਹੈ, ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ।