- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਨੇ ਦਾ ਬਕਾਇਆ ਨਾ ਮਿਿਲਆ ਤਾਂ 26 ਨੂੰ ਫਗਵਾੜਾ ‘ਚ ਜਾਮ ਕਰਾਂਗੇ ਹਾਈਵੇ : ਰਾਏ

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ, ਬਲਾਕ, ਸਰਕਲ ਪ੍ਰਧਾਨ ਅਤੇ ਯੂਨੀਅਨ ਦੇ ਆਗੂ ਤੇ ਮੈਂਬਰ ਵੱਡੀ ਗਿਣਤੀ ’ਚ ਸ਼ਾਮਲ ਹੋਏ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਗੰਨੇ ਦੇ ਮੌਜੂਦਾ ਸੀਜ਼ਨ ਦੇ ਭਾਅ, ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦਾ ਲੰਮੇ ਸਮੇਂ ਤੋਂ ਖੜ੍ਹਾ ਬਕਾਇਆ, ਝੋਨੇ ਦੀ ਸਰਕਾਰੀ ਖ਼ਰੀਦ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸਮੇਤ ਵੱਖ-ਵੱਖ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦਾ ਕਰੀਬ 27 ਕਰੋੜ 84 ਲੱਖ ਰੁਪਏ ਬਕਾਇਆ ਹੈ, ਜਦਕਿ ਸਰਕਾਰ ਵੱਲੋਂ ਵੀ ਲਗਭਗ 18 ਕਰੋੜ 93 ਲੱਖ ਰੁਪਏ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਨਾ ਤਾਂ ਗੰਨੇ ਦਾ ਨਵਾਂ ਭਾਅ ਐਲਾਨਿਆ ਹੈ ਅਤੇ ਨਾ ਹੀ ਕਿਸਾਨਾਂ ਦਾ ਪਿਛਲਾ ਬਕਾਇਆ ਦੁਆਇਆ ਹੈ। ਇਸ ਦੇ ਉਲਟ ਫਗਵਾੜਾ ਸ਼ੂਗਰ ਮਿੱਲ ਨੂੰ ਤਾਲੇ ਲਗਾ ਦਿੱਤੇ ਗਏ ਹਨ, ਜਿਸ ਕਾਰਨ ਕਿਸਾਨਾਂ ਸਾਹਮਣੇ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ 25 ਨਵੰਬਰ ਤੱਕ ਕਿਸਾਨਾਂ ਨਾਲ ਮੀਟਿੰਗ ਕਰ ਕੇ ਬਕਾਇਆ ਰਕਮ ਅਤੇ ਮਿੱਲ ਚਲਾਉਣ ਦੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ 26 ਨਵੰਬਰ ਨੂੰ ਕਿਸਾਨ ਫਗਵਾੜਾ ਸ਼ੂਗਰ ਮਿੱਲ ਦੇ ਗੇਟ ਅੱਗੇ ਇਕੱਠੇ ਹੋਣਗੇ। ਸਵੇਰੇ 10 ਵਜੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਰਾਏ ਨੇ ਸਪੱਸ਼ਟ ਕੀਤਾ ਕਿ ਕਿਸਾਨ ਸ਼ੂਗਰ ਮਿੱਲ ਬੰਦ ਕਰਵਾਉਣ ਦੇ ਹੱਕ ਵਿੱਚ ਨਹੀਂ ਹਨ, ਸਗੋਂ ਚਾਹੁੰਦੇ ਹਨ ਕਿ ਮਿੱਲ ਸੁਚਾਰੂ ਢੰਗ ਨਾਲ ਚੱਲੇ ਅਤੇ ਕਿਸਾਨਾਂ ਦਾ ਬਕਾਇਆ ਅਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਣਾ ਇੰਦਰ ਪ੍ਰਤਾਪ ਨਾਲ ਹੋਏ ਸਮਝੌਤੇ ਅਨੁਸਾਰ ਕਿਸਾਨਾਂ ਦੀ ਪੂਰੀ ਬਕਾਇਆ ਰਕਮ ਅਦਾ ਕੀਤੀ ਜਾਣੀ ਸੀ, ਪਰ ਹਾਲੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਣਾ ਇੰਦਰ ਪ੍ਰਤਾਪ ਜਾਂ ਰਾਣਾ ਗੁਰਜੀਤ ਸਿੰਘ ਗਰੁੱਪ ਨਾਲ ਕੋਈ ਨਿੱਜੀ ਵਿਵਾਦ ਨਹੀਂ ਹੈ।
ਕਿਸਾਨਾਂ ਦੀ ਮੰਗ ਸਿਰਫ਼ ਇਹ ਹੈ ਕਿ ਪਹਿਲਾਂ ਉਨ੍ਹਾਂ ਦਾ ਪੈਸਾ ਦਿੱਤਾ ਜਾਵੇ ਅਤੇ ਉਸ ਤੋਂ ਬਾਅਦ ਮਿੱਲ ਚਲਾਈ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਸ਼ੂਗਰ ਮਿੱਲ ਨੂੰ ਆਪਣੇ ਅਧੀਨ ਲੈ ਕੇ ਸਰਕਾਰ ਖੁਦ ਚਲਾਵੇ ਅਤੇ ਕਿਸਾਨਾਂ ਦੀ ਬਕਾਇਆ ਰਕਮ ਦਾ ਭੁਗਤਾਨ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰੀਬ 27.84 ਕਰੋੜ ਰੁਪਏ ਦੀ ਬਕਾਇਆ ਰਕਮ ਸਰਕਾਰ ਪਹਿਲਾਂ ਆਪਣੇ ਪੱਧਰ ’ਤੇ ਅਦਾ ਕਰੇ ਅਤੇ ਬਾਅਦ ਵਿੱਚ ਮਿੱਲ ਮਾਲਕਾਂ ਤੋਂ ਵਸੂਲੀ ਕਰ ਲਵੇ। ਫਗਵਾੜਾ ਇਲਾਕੇ ਦੀ ਸ਼ੂਗਰ ਮਿੱਲ ਦਾ ਚੱਲਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਦਾ ਸਿੱਧਾ ਸਬੰਧ ਇਲਾਕੇ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ ਨਾਲ ਹੈ। ਮੁਕੇਰੀਆਂ ਸ਼ੂਗਰ ਮਿੱਲ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਮਨਜੀਤ ਸਿੰਘ ਰਾਏ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ 15 ਨਵੰਬਰ ਤੋਂ ਕਿਸਾਨ ਗੰਨੇ ਦੇ ਭਾਅ ਦੀ ਮੰਗ ਨੂੰ ਲੈ ਕੇ ਮਿੱਲ ਦੇ ਗੇਟ ਅੱਗੇ ਬੈਠੇ ਹੋਏ ਸਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਬਾਅਦ ਵਿੱਚ ਜਦੋਂ ਕਿਸਾਨ ਸੜਕ ’ਤੇ ਆਏ ਤਾਂ ਪੁਲਿਸ ਨੇ ਸੰਘਰਸ਼ ਕਰ ਰਹੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕਰ ਦਿੱਤੇ। ਉਨ੍ਹਾਂ ਮੁਕੇਰੀਆਂ ਵਿਖੇ ਵਾਪਰੇ ਸੜਕ ਹਾਦਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਾਈਵੇ ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸਥਿਤੀ ਵਿੱਚ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਢੁੱਕਵੇਂ ਟ੍ਰੈਫਿਕ ਪ੍ਰਬੰਧ ਕਰੇ ਅਤੇ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਅਨੁਸਾਰ ਪੁਲਿਸ ਵੱਲੋਂ ਨਾਕਾਬੰਦੀ ਹਟਾਉਣ ਅਤੇ ਆਵਾਜਾਈ ਦੇ ਪ੍ਰਬੰਧਾਂ ਵਿੱਚ ਕਥਿਤ ਲਾਪ੍ਰਵਾਹੀ ਕਾਰਨ ਇੱਕ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਕਿਸਾਨਾਂ ਦੀ ਬਜਾਏ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਯੂਨੀਅਨ ਨੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਪਰਚਿਆਂ ਦੀ ਵੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਰਾਏ ਨੇ ਦੱਸਿਆ ਕਿ 20 ਨਵੰਬਰ ਨੂੰ ਗੁਰਾਇਆ ਵਿਖੇ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਦੇ ਵਿਰੋਧ ਵਿੱਚ ਵੱਡਾ ਕਿਸਾਨ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਏ ਅਤੇ ਕਿਸਾਨਾਂ ਨੂੰ ਭਰੋਸੇ ਵਿੱਚ ਲਵੇ, ਤਾਂ ਜੋ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਬੈਠੇ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਸੈਂਕੜੇ ਟਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਹ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦੇ ਸੰਘਰਸ਼ ਵਿੱਚ ਵੀ ਹਮਖਿਆਲੀ ਕਿਸਾਨ ਜਥੇਬੰਦੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਫਗਵਾੜਾ ਵਿਖੇ ਵੱਡਾ ਧਰਨਾ ਦਿੱਤਾ ਜਾਵੇਗਾ। ਗੰਨੇ ਦੇ ਭਾਅ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮਨਜੀਤ ਸਿੰਘ ਰਾਏ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਸੀਨੀਅਰ ਮੀਤ ਪ੍ਰਧਾਨ, ਹਰਭਜਨ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਸੰਤੋਸ਼ ਸਿੰਘ ਲੱਖਪੁਰ ਸੀਨੀਅਰ ਮੀਤ ਪ੍ਰਧਾਨ, ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਅਠੌਲੀ ਅਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਣਖੁਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਵਾਅਦਾ ਕੀਤਾ ਸੀ।
ਇਸ ਮੌਕੇ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਦਿਆਂ ਜਲਦੀ ਤੋਂ ਜਲਦੀ ਗੰਨੇ ਦਾ ਨਵਾਂ ਭਾਅ ਐਲਾਨਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਇਸ ਦਾ ਗੰਭੀਰ ਖਾਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਤਰਸੇਮ ਸਿੰਘ ਢਿੱਲੋਂ ਫਿਲੌਰ, ਰਾਣਾ ਸਿੰਘ, ਮੇਜਰ ਸਿੰਘ ਅਠੌਲੀ, ਮਨਜੀਤ ਸਿੰਘ ਲੱਲੀਆਂ, ਬਲਜਿੰਦਰ ਸਿੰਘ, ਬਲਜੀਤ ਸਿੰਘ, ਤਰਸੇਮ ਸਿੰਘ ਉੱਚਾ ਪਿੰਡ, ਚੂਹੜ ਸਿੰਘ ਗੰਢਮ, ਬਲਦੇਵ ਸਿੰਘ ਮਲਕਪੁਰ, ਹਰਦੀਪ ਸਿੰਘ ਨਸੀਰਾਬਾਦ, ਰਾਜਵਿੰਦਰ ਸਿੰਘ, ਗੁਰਨਾਮ ਸਿੰਘ, ਸ਼ਮਸ਼ੇਰ ਸਿੰਘ, ਦਲਜੀਤ ਸਿੰਘ, ਸ਼ਿੰਦਾ ਪੰਚ ਵਿਰਕਾਂ, ਪੰਕਜ ਆੜ੍ਹਤੀਆਂ, ਬਲਵਿੰਦਰ ਸਿੰਘ ਸਾਬੀ, ਜਸਵੰਤ ਸਿੰਘ ਕਾਹਲੋਂ, ਗੁਰਚੇਤਨ ਸਿੰਘ ਤੱਖਰ, ਜਸਵੀਰ ਸਿੰਘ ਪੰਨੂ, ਕਸ਼ਮੀਰ ਸਿੰਘ ਪੁਆਦੜਾ, ਜਸਬੀਰ ਸਿੰਘ ਬੜਾ ਪਿੰਡ, ਰਣਜੀਤ ਸਿੰਘ, ਹਰਮਿੰਦਰ ਸਿੰਘ, ਬੱਗਾ ਸਿੰਘ, ਬਲਰਾਜ ਸਿੰਘ ਵਿਰਕ, ਰਾਜਾ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਸੁਭਾਸ਼ ਚੰਦ, ਹਰਜਿੰਦਰ ਸਿੰਘ ਚੀਮਾ, ਮਹਿੰਦਰ ਸਿੰਘ, ਸ਼ਿਵ ਕੁਮਾਰ, ਬਲਜਿੰਦਰ ਸਿੰਘ ਫਿਲੌਰ, ਗੁਰਪ੍ਰੀਤ ਸਿੰਘ ਗਰੇਵਾਲ ਤੇ ਇਕਬਾਲ ਸਿੰਘ ਆਦਿ ਹਾਜਰ ਸਨ।