ਜੇਕਰ ਪ੍ਰਸ਼ਾਸਨ ਚਾਹੇ ਤਾਂ ਦੋ ਦਿਨਾਂ ਵਿੱਚ ਨਸ਼ਾ ਖਤਮ ਹੋ ਸਕਦਾ ਹੈ-ਵਿਧਾਇਕ ਧਾਲੀਵਾਲ ਜੇਕਰ ਪ੍ਰਸ਼ਾਸਨ ਚਾਹੇ ਤਾਂ ਦੋ ਦਿਨਾਂ ਵਿੱਚ ਨਸ਼ਾ ਖਤਮ ਹੋ ਸਕਦਾ ਹੈ-ਵਿਧਾਇਕ ਧਾਲੀਵਾਲ
Publish Date: Fri, 16 Oct 2026 07:07 PM (IST)
Updated Date: Fri, 16 Oct 2026 07:09 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਗੁਰੂ ਹਰਗੋਬਿੰਦ ਨਗਰ ਬਾਬਾ ਭੀਮਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਸਾਹਮਣੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਨੇ ਹਿੱਸਾ ਲਿਆ। ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। 13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ, ਜੋ ਪ੍ਰਸ਼ਾਸਨ ਦੀ ਸ਼ਹਿ’ ਤੇ ਹੋ ਰਿਹਾ ਹੈ। ਜੇਕਰ ਪ੍ਰਸ਼ਾਸਨ ਚਾਹੇ ਤਾਂ ਦੋ ਦਿਨਾਂ ਵਿੱਚ ਨਸ਼ਾ ਖਤਮ ਹੋ ਸਕਦਾ ਹੈ। ਇਸ ਲਈ ਪੰਜਾਬ ਵਿੱਚੋਂ ਨਸ਼ੇ ਦਾ ਮੁਕੰਮਲ ਖਤਮ ਹੋਣਾ ਚਾਹੀਦਾ ਹੈ ਤਾਂ ਜੋ ਮਾਵਾਂ ਦੇ ਨੌਜਵਾਨ ਪੁੱਤ ਸਿਵਿਆਂ ਦੇ ਰਾਹ ਨਾ ਪੈਣ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਤੇ ਇਸ ਕਤਲ ਕਾਂਡ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।