ਮੌਕਾ ਮਿਲਿਆ ਤਾਂ ਫਗਵਾੜਾ ਤੋਂ ਲੜਾਂਗਾ ਚੋਣ : ਆਜ਼ਾਦ ਪਾਰਟੀ ਹਾਈਕਮਾਂਡ ਮੌਕਾ ਦੇਵੇਗੀ ਤਾਂ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਲੜਾਂਗਾ ਚੋਣ: ਪਰਮਜੀਤ ਸਿੰਘ ਆਜ਼ਾਦ
Publish Date: Tue, 13 Oct 2026 07:14 PM (IST)
Updated Date: Tue, 13 Oct 2026 07:17 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਤੇ ਵਫ਼ਾਦਾਰ ਪਰਿਵਾਰ ਨਾਲ ਸਬੰਧਤ ਪਰਮਜੀਤ ਸਿੰਘ ਆਜ਼ਾਦ ਨੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਵਿਧਾਇਕ ਦੀ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਤਾਂ ਉਹ ਫਗਵਾੜਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨ ਲਈ ਤਿਆਰ ਹਨ। ਇਸ ਸਬੰਧੀ ਪਰਮਜੀਤ ਸਿੰਘ ਆਜ਼ਾਦ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਸਵ. ਗੇਂਦਾ ਸਿੰਘ ਜੀ ਧਰਮ ਯੁੱਧ ਮੋਰਚੇ ਵਿੱਚ ਸ਼ਾਮਲ ਹੋਏ ਸਨ ਤੇ ਉਨ੍ਹਾਂ ਨੇ ਗ੍ਰਿਫ਼ਤਾਰੀ ਵੀ ਦਿੱਤੀ ਸੀ। ਇਸੇ ਤਰ੍ਹਾਂ ਉਨ੍ਹਾਂ ਦੇ ਪਿਤਾ ਸਵ. ਨਿਰੰਜਨ ਸਿੰਘ ਆਜ਼ਾਦ ਵੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪਰਿਵਾਰ ਦੀ ਤੀਜੀ ਪੀੜ੍ਹੀ ਵਿੱਚੋਂ ਉਹ ਖੁਦ ਪਾਰਟੀ ਦੀ ਸੇਵਾ ਕਰਨ ਦੇ ਉਦੇਸ਼ ਨਾਲ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਿਨਾਂ ਕਿਸੇ ਗਠਜੋੜ ਦੇ ਚੋਣ ਲੜਨ ਦਾ ਫ਼ੈਸਲਾ ਕਰਦਾ ਹੈ ਤਾਂ ਪਾਰਟੀ ਹਾਈਕਮਾਂਡ ਉਨ੍ਹਾਂ ਦੀ ਦਾਅਵੇਦਾਰੀ ’ਤੇ ਵਿਚਾਰ ਕਰਦਿਆਂ ਉਨ੍ਹਾਂ ਨੂੰ ਚੋਣ ਲੜਨ ਦਾ ਮੌਕਾ ਦੇਵੇਗੀ। ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਪਾਰਟੀ ਨਾਲ ਖੜ੍ਹਾ ਰਿਹਾ ਹੈ ਤੇ ਉਹ ਵੀ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਦਿਆਂ ਲੋਕਾਂ ਦੀ ਸੇਵਾ ਕਰਨ ਦੀ ਇੱਛਾ ਰੱਖਦੇ ਹਨ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਹਾਈਕਮਾਂਡ ਫਗਵਾੜਾ ਹਲਕੇ ਤੋਂ ਉਨ੍ਹਾਂ ਦੀ ਦਾਅਵੇਦਾਰੀ ਬਾਰੇ ਕੀ ਫ਼ੈਸਲਾ ਲੈਂਦੀ ਹੈ।