ਸਵੈ-ਗਣਨਾ ਮੁਹਿੰਮ ਸਬੰਧੀ ਏਡੀਸੀ ਨੇ ਕੀਤੀ ਅਹਿਮ ਮੀਟਿੰਗ ਸਵੈ-ਗਣਨਾ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ
Publish Date: Tue, 17 Nov 2026 07:37 PM (IST)
Updated Date: Tue, 17 Nov 2026 07:39 PM (IST)
--ਮਾਸਟਰ ਟ੍ਰੇਨਰਾਂ ਸਵੈ-ਗਣਨਾ ਦੀ ਪ੍ਰਕਿਰਿਆ ਸਬੰਧੀ ਦਿੱਤੀ ਸਿਖਲਾਈ --ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖੁਦ ਸਵੈ-ਗਣਨਾ ਦੇ ਨਿਰਦੇਸ਼ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਸ਼ਿਖਾ ਭਗਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਹਾਜ਼ਰ ਅਧਿਕਾਰੀਆਂ ਨੂੰ ਸਵੈ-ਗਣਨਾ ਦੀ ਤਕਨੀਕੀ ਪ੍ਰਕਿਰਿਆ, ਪੋਰਟਲ ਦੀ ਵਰਤੋਂ ਤੇ ਡਾਟਾ ਦਰਜ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਏਡੀਸੀ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਅਦਾਰਿਆਂ ਨਾਲ ਸਬੰਧਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਵੈ-ਗਣਨਾ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ 100 ਫੀਸਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਨ੍ਹਾਂ ਦਾ ਸਿੱਧਾ ਰਾਬਤਾ ਆਮ ਜਨਤਾ ਨਾਲ ਰਹਿੰਦਾ ਹੈ ਕਿ ਉਹ ਆਪਣੇ ਦਫਤਰਾਂ ਵਿੱਚ ਕੰਮ-ਕਾਜ ਲਈ ਆਉਣ ਵਾਲੇ ਲੋਕਾਂ ਨੂੰ ਸਵੈ-ਗਣਨਾ ਬਾਰੇ ਜਾਗਰੂਕ ਕਰਨ ਤੇ ਮੌਕੇ ਤੇ ਹੀ ਉਨ੍ਹਾਂ ਦੀ ਗਣਨਾ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਰੋਜ਼ਾਨਾ ਦੇ ਆਧਾਰ ਤੇ ਪ੍ਰਗਤੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਮਾਸਟਰ ਟ੍ਰੇਨਰ ਹਾਜ਼ਰ ਸਨ।