2027 ’ਚ ਅਕਾਲੀ ਦਲ ਹੀ ਹੋਵੇਗੀ ਪੰਜਾਬ ਦੀ ਸੱਤਾ ’ਤੇ ਕਾਬਜ਼ : ਜੀਤੀ ਖੇੜਾ
2027 ਵਿਚ ਸ੍ਰੌਮਣੀ ਅਕਾਲੀ ਦਲ ਹੀ ਹੋਵੇਗੀ ਪੰਜਾਬ ਦੀ ਸੱਤਾ ਤੇ ਕਾਬਿਜ,ਜੀਤੀ ਖੇੜਾ
Publish Date: Mon, 16 Feb 2026 09:18 PM (IST)
Updated Date: Mon, 16 Feb 2026 09:21 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ 2027 ਵਿਚ ਪੰਜਾਬ ਅੰਦਰ ਬਣਨ ਜਾ ਰਹੀ ਸਰਕਾਰ ਦੇ ਦਾਅਵੇ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਚ ਪਿੰਡ ਖੇੜਾ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਿਕਾਸ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਤੇ ਧਾਰਮਿਕ-ਸੰਸਕ੍ਰਿਤਿਕ ਮੁੱਲਾਂ ਦੀ ਰੱਖਿਆ ਲਈ ਵਚਨਬੱਧ ਹਨ। ਉਨ੍ਹਾਂ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਵਿਚ ਲੋਕਾਂ ਦਾ ਭਰੋਸਾ ਜਿੱਤ ਕੇ ਅਕਾਲੀ ਦਲ ਮੁੜ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਤਿਆਰ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਅਨੁਭਵ ਤੇ ਨਵੀਆਂ ਨੀਤੀਆਂ ਦੇ ਆਧਾਰ ‘ਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅਕਾਲੀ ਦਲ ਹੀ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਸਿਆਸੀ ਪਾਰਟੀ ਹੈ, ਜਿਸਨੂੰ ਪੰਜਾਬ ਦੀਆਂ ਸਮੱਸਿਆਵਾ ਦਾ ਪੂਰਾ ਪਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆਏ ਲਾਲੇ ਪੰਜਾਬ ਦੀ ਲੁੱਟ-ਖਸੁੱਟ ਕਰ ਰਹੇ ਹਨ। ਅਕਾਲੀ ਦਲ ਨੇ ਸੂਬੇ ਦੀ ਰਾਜਨੀਤੀ ਵਿਚ ਲੰਬੇ ਸਮੇਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪਾਰਟੀ ਆਪਣੇ-ਆਪ ਨੂੰ ਪੰਜਾਬੀ ਹੱਕਾਂ, ਕਿਸਾਨਾਂ ਦੇ ਮੁੱਦਿਆਂ ਤੇ ਧਾਰਮਿਕ-ਸੰਸਕ੍ਰਿਤਿਕ ਪਹਿਚਾਣ ਦੀ ਰੱਖਿਆ ਨਾਲ ਜੋੜਦੀ ਆਈ ਹੈ। ਜੀਤੀ ਖੇੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਵਿਚ ਹਰ ਵੋਟਰ ਨੂੰ ਆਪਣੀ ਸੋਚ, ਤਜਰਬੇ ਤੇ ਤਰਜੀਹਾਂ ਦੇ ਆਧਾਰ ‘ਤੇ ਫੈਸਲਾ ਕਰਨ ਦਾ ਅਧਿਕਾਰ ਹੁੰਦਾ ਹੈ। ਕਿਸੇ ਵੀ ਪਾਰਟੀ ਨੂੰ ਸਹਿਯੋਗ ਦੇਣ ਤੋਂ ਪਹਿਲਾਂ ਉਸ ਦੀ ਨੀਤੀ, ਪਿਛਲਾ ਕੰਮਕਾਜ ਤੇ ਭਵਿੱਖੀ ਯੋਜਨਾਵਾਂ ਨੂੰ ਧਿਆਨ ਨਾਲ ਦੇਖਣਾ ਮਹੱਤਵਪੂਰਨ ਹੁੰਦਾ ਹੈ। ਅੰਤ ਵਿਚ ਮਜ਼ਬੂਤ ਸਰਕਾਰ ਉਹੀ ਬਣਦੀ ਹੈ, ਜਿਸਨੂੰ ਲੋਕ ਆਪਣੇ ਵੋਟ ਨਾਲ ਚੁਣਦੇ ਹਨ। ਪੰਜਾਬ ਵਿਚ ਕਈ ਵੱਡੇ ਪ੍ਰੋਜੈਕਟ ਤੇ ਵਿਕਾਸ ਕਾਰਜ ਉਨ੍ਹਾਂ ਦੀ ਸਰਕਾਰ ਦੌਰਾਨ ਆਏ ਹਨ। ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ, ਸੜਕਾਂ, ਬਿਜਲੀ ਪ੍ਰੋਜੈਕਟਾਂ ਤੇ ਖੇਤੀਬਾੜੀ ਨਾਲ ਸਬੰਧਤ ਕਈ ਯੋਜਨਾਵਾਂ ਵਿਚ ਪਾਰਟੀ ਦੀ ਵੱਡੀ ਭੂਮਿਕਾ ਰਹੀ ਹੈ, ਜਿਸ ਵੱਲ ਵੀ ਲੋਕਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਲੋਕਤੰਤਰ ਵਿਚ ਵੋਟਰਾਂ ਲਈ ਜ਼ਰੂਰੀ ਹੈ ਕਿ ਉਹ ਵੱਖ-ਵੱਖ ਪਾਰਟੀਆਂ ਦੇ ਕੰਮ ਤੇ ਦਾਅਵਿਆਂ ਦੀ ਤੁਲਨਾ ਕਰਕੇ ਆਪਣੀ ਸੋਚ ਅਨੁਸਾਰ ਫੈਸਲਾ ਕਰਨ ਕਿਉਂਕਿ ਪੰਜਾਬ ਦਾ ਭਲਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ, ਜੋਕਿ ਪੰਜਾਬੀਆਂ ਦੇ ਪੂਰਣ ਸਹਿਯੋਗ ਨਾਲ 2027 ਵਿਚ ਮੁੜ ਸੱਤਾ ’ਤੇ ਕਾਬਜ਼ ਹੋਵੇਗੀ ਤੇ ਪੰਜਾਬ ਦੇ ਵਿਕਾਸ ਨੂੰ ਮੁੜ ਤੋਂ ਸ਼ੁਰੂ ਕਰਵਾਏਗੀ।